ਅੰਮ੍ਰਿਤਸਰ, 7 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








