Home » ਪੰਜਾਬ » ਸਤਿਕਾਰ (ਸੋਧ) ਐਕਟ 2026 ਬਾਰੇ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨਾਂ ਨੇ ਜਤਾਇਆ ਇਤਰਾਜ

ਸਤਿਕਾਰ (ਸੋਧ) ਐਕਟ 2026 ਬਾਰੇ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨਾਂ ਨੇ ਜਤਾਇਆ ਇਤਰਾਜ

SHARE ARTICLE

12 Views

ਅੰਮ੍ਰਿਤਸਰ 12 ਮਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਮਗਰੋਂ ਮੀਡੀਆ ਨੂੰ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤਿ ਇਤਰਾਜ਼ਯੋਗ ਹੈ। ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ ਉੱਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਸਿੰਘ ਸਾਹਿਬਾਨ ਅਤੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਕੌਮ ਦੇ ਗ੍ਰੰਥੀ ਸਿੰਘਾਂ ਵੱਲੋਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅਤੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿੱਚੋਂ ਗ੍ਰੰਥੀ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਵਿਰੁੱਧ ਜਾਂਦੀਆਂ ਮੱਦਾਂ ਖ਼ਤਮ ਕਰਨ ਦੀ ਪਹਿਲਕਦਮੀ ਕਰਨ। ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News