Home » ਪੰਜਾਬ » ਜੂਨ 84 ਦੇ ਘਲੂਘਾਰੇ ਵਿਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਜੂਨ 84 ਦੇ ਘਲੂਘਾਰੇ ਵਿਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

SHARE ARTICLE

15 Views

ਨਵੀਂ ਦਿੱਲੀ 30 ਮਈ (ਮਨਪ੍ਰੀਤ ਸਿੰਘ ਖਾਲਸਾ):- “ਜੂਨ 1984 ਸਿੱਖ ਕੌਮ ਦੇ ਇਤਿਹਾਸ ਦਾ ਦਰਦਨਾਕ ਦੌਰ ਹੈ, ਜਿਸ ਨੇ ਹਰ ਸਿੱਖ ਦੇ ਮਨ ਉੱਤੇ ਅਮਿੱਟ ਘਾਵ ਛੱਡੇ ਹਨ। ਓਪਰੇਸ਼ਨ ਬਲੂ ਸਟਾਰ ਦੌਰਾਨ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਅਨੇਕਾਂ ਗੁਰੁਘਰਾਂ ਉੱਤੇ ਕੀਤਾ ਗਿਆ ਹਮਲਾ ਸਿਰਫ਼ ਇੱਕ ਫੌਜੀ ਕਾਰਵਾਈ ਨਹੀਂ ਸੀ, ਇਹ ਸਿੱਖ ਕੌਮ ਦੀ ਆਤਮਿਕਤਾ, ਅਸਮੀਤਾ ਅਤੇ ਅਜ਼ਾਦ ਸੋਚ ਨੂੰ ਕੁਚਲਣ ਦੀ ਕੋਸ਼ਿਸ਼ ਸੀ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਿਮਰਨਜੀਤ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਸੱਚਾਈ ਨੂੰ ਗੋਲੀਆਂ ਨਾਲ ਦਬਾਇਆ ਜਾ ਸਕਦਾ ਹੈ, ਪਰ ਮਿਟਾਇਆ ਨਹੀਂ ਜਾ ਸਕਦਾ। ਜਿਨ੍ਹਾਂ ਨੇ ਸੋਚਿਆ ਸੀ ਕਿ ਟੈਂਕਾਂ ਅਤੇ ਬਾਰੂਦ ਨਾਲ ਖਾਲਸੇ ਦੀ ਆਵਾਜ਼ ਖਾਮੋਸ਼ ਹੋ ਜਾਵੇਗੀ, ਉਹ ਸਿੱਖ ਇਤਿਹਾਸ ਦੀ ਹਕੀਕਤ ਨੂੰ ਨਹੀਂ ਜਾਣਦੇ ਸਨ। ਖਾਲਸਾ ਨਾ ਕਦੇ ਜ਼ੁਲਮ ਅੱਗੇ ਝੁਕਿਆ ਹੈ ਤੇ ਨਾ ਹੀ ਝੁਕੇਗਾ। ਉਨ੍ਹਾਂ ਕਿਹਾ ਅਸੀਂ ਉਹਨਾਂ ਮਹਾਨ ਸ਼ਹੀਦਾਂ ਨੂੰ ਸਿਰ ਨਿਵਾਉਂਦੇ ਹਾਂ ਜਿਨ੍ਹਾਂ ਨੇ ਗੁਰੂ ਘਰ ਦੀ ਸ਼ਾਨ ਅਤੇ ਸਿੱਖੀ ਦੇ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ। ਉਹਨਾਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ ਹੈ। ਇਹ ਘਲੂਘਾਰਾ ਸਾਨੂੰ ਸਿਰਫ਼ ਦੁੱਖ ਨਹੀਂ ਦਿੰਦਾ, ਸਗੋਂ ਆਪਣੀ ਪਛਾਣ, ਆਪਣੇ ਇਤਿਹਾਸ ਅਤੇ ਆਪਣੇ ਅਧਿਕਾਰਾਂ ਲਈ ਜਾਗਰੂਕ ਰਹਿਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਗੁਰੂ ਸਾਹਿਬਾਨ ਦੀ ਬਾਣੀ ਅਤੇ ਸ਼ਹੀਦਾਂ ਦੇ ਇਤਿਹਾਸ ਨਾਲ ਜੁੜੇ, ਨਸ਼ਿਆਂ, ਫੁੱਟ ਅਤੇ ਮਨਮਤ ਤੋਂ ਦੂਰ ਰਹਿ ਕੇ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰੇ। ਕੌਮ ਦੀ ਤਾਕਤ ਏਕਤਾ, ਨਿਮਰਤਾ ਅਤੇ ਗੁਰਮਤ ਵਿੱਚ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਕੌਮ ਨੂੰ ਚੜ੍ਹਦੀ ਕਲਾ, ਏਕਤਾ ਅਤੇ ਸੱਚ ਦੇ ਰਾਹ ‘ਤੇ ਡਟੇ ਰਹਿਣ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਸ਼ਹੀਦਾਂ ਦੀ ਕੁਰਬਾਨੀ ਹਰ ਯੁੱਗ ਵਿੱਚ ਸਾਨੂੰ ਇਹ ਯਾਦ ਕਰਵਾਉਂਦੀ ਰਹੇਗੀ ਕਿ ਧਰਮ ਅਤੇ ਇਨਸਾਫ਼ ਲਈ ਦਿੱਤੀ ਗਈ ਸ਼ਹਾਦਤ ਕਦੇ ਵਿਅਰਥ ਨਹੀਂ ਜਾਂਦੀ। “ਰਾਜ ਕਰੇਗਾ ਖਾਲਸਾ, ਆਕੀ ਰਹੇ ਨ ਕੋਇ।”

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News