Home » ਨਵੀਂ ਦਿੱਲੀ » 6 ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ: ਹਰਮੀਤ ਸਿੰਘ ਕਾਲਕਾ

6 ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ: ਹਰਮੀਤ ਸਿੰਘ ਕਾਲਕਾ

SHARE ARTICLE

11 Views

ਨਵੀਂ ਦਿੱਲੀ, 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ, ਭੁਪਿੰਦਰ ਸਿੰਘ ਭੁੱਲਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਕਾਲਕਾ ਨੇ ਕਿਹਾ ਕਿ 6 ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1984 ਤੋਂ 1994 ਤੱਕ ਦੇ ਸੰਘਰਸ਼ ਦੌਰਾਨ ਕੁਰਬਾਨੀਆਂ ਦੇਣ ਵਾਲੇ ਸਿੰਘਾਂ ਨੂੰ ਵੀ ਯਾਦ ਕੀਤਾ ਗਿਆ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਪੰਥ ਨੂੰ ਏਕਤਾ ਅਤੇ ਸੋਝੀ ਬਖ਼ਸ਼ਣ ਤਾਂ ਜੋ ਕੌਮ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀਆਂ ਮੁਹਿੰਮਾਂ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕੇ।
ਕਾਲਕਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁੱਖ ਦਫ਼ਤਰ ਮਹਿਤਾ ਚੌਂਕ ਵਿਖੇ ਬਾਬਾ ਹਰਨਾਮ ਸਿੰਘ ਧੂਮਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਵੀ ਦਿੱਲੀ ਕਮੇਟੀ ਨੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕੌਮ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਧਰਮ ਪਰਿਵਰਤਨ ਦੀ ਹੈ। ਇਸ ਲਈ ਸਾਰੀਆਂ ਧਾਰਮਿਕ ਜਥੇਬੰਦੀਆਂ ਨੂੰ ਰਾਜਨੀਤਿਕ ਸਵਾਰਥਾਂ ਤੋਂ ਉੱਪਰ ਉੱਠ ਕੇ ਇਕ ਮੰਚ ‘ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਮਤਭੇਦਾਂ ਅਤੇ ਹਉਮੈ ਨੂੰ ਪਾਸੇ ਰੱਖ ਕੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਵਿਰੋਧੀ ਬਿੱਲ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਵਿੱਚ ਹੋਈਆਂ ਵਿਚਾਰ-ਵਟਾਂਦਰਿਆਂ ਤੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਬਣਾਉਣਾ ਸਰਕਾਰ ਦਾ ਕੰਮ ਹੈ, ਪਰ ਪੰਥ ਦੀਆਂ ਭਾਵਨਾਵਾਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਕਾਲਕਾ ਨੇ ਸੁਝਾਅ ਦਿੱਤਾ ਕਿ ਜੇ ਬਿੱਲ ਵਿੱਚ ਕੋਈ ਕਮੀਆਂ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਕਮੇਟੀ ਬਣਾ ਕੇ ਲੋੜੀਂਦੀਆਂ ਸੋਧਾਂ ਲਈ ਸਿਫ਼ਾਰਸ਼ਾਂ ਪੰਜਾਬ ਸਰਕਾਰ ਨੂੰ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਰਾਇ ਲੈ ਕੇ ਹੀ ਅਜਿਹੇ ਸੰਵੇਦਨਸ਼ੀਲ ਮਸਲਿਆਂ ‘ਤੇ ਅੱਗੇ ਵਧਣਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News