ਬਠਿੰਡਾ 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਿਲਾ ਮੁਬਾਰਕ, ਬਠਿੰਡਾ ਵਿਖੇ 12 ਜੂਨ 2026 (ਸ਼ੁੱਕਰਵਾਰ) ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮ ਸ਼ਾਮ 7:00 ਵਜੇ ਤੋਂ 9:30 ਵਜੇ ਤੱਕ ਹੋਵੇਗਾ, ਜਿਸ ਵਿੱਚ ਪ੍ਰਸਿੱਧ ਕਥਾਵਾਚਕ ਭਾਈ ਤਰਸੇਮ ਸਿੰਘ (ਹਰਰਾਇਪੁਰ) ਅਤੇ ਭਾਈ ਸਰਬਜੀਤ ਸਿੰਘ (ਸ੍ਰੀ ਪਟਨਾ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਦਰਦਨਾਕ ਅਤੇ ਅਹਿਮ ਅਧਿਆਇ ਹੈ। ਇਸ ਸਮਾਗਮ ਦਾ ਉਦੇਸ਼ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਗੁਰਸਿੱਖੀ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਘੱਲੂਘਾਰੇ ਦੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਸ ਸਮੇਂ ਦੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ। ਇੱਕ ਪਹਿਰਾ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਮਰਪਿਤ ਹੋਵੇਗਾ, ਜਦਕਿ ਦੂਜੇ ਪਹਿਰੇ ਵਿੱਚ ਘੱਲੂਘਾਰੇ ਨਾਲ ਸੰਬੰਧਿਤ ਇਤਿਹਾਸਕ ਤੱਥਾਂ ਅਤੇ ਸ਼ਹੀਦ ਸਿੰਘਾਂ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ।
ਅੰਤ ਵਿਚ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








