ਨਵੀਂ ਦਿੱਲੀ 11 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਟ ਅੱਗੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਕਦਮ ਸਿੱਖ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਉਲਟ ਹੈ। ਪੱਤਰਕਾਰਾਂ ਨੂੰ ਜਾਰੀ ਕੀਤੇ ਬਿਆਨ ਵਿੱਚ ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਕੌਮ ਦੇ ਸਭ ਤੋਂ ਉੱਚੇ ਧਾਰਮਿਕ ਅਹੁਦਿਆਂ ‘ਤੇ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਸਿੱਖ ਮਰਯਾਦਾ ਅਤੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਦੀ ਵੱਧ ਉਮੀਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਟ ਅੱਗੇ ਪੇਸ਼ ਹੋ ਕੇ ਗਿਆਨੀ ਰਘਬੀਰ ਸਿੰਘ ਨੇ ਇਹ ਪ੍ਰਭਾਵ ਦਿੱਤਾ ਹੈ ਕਿ ਉਹ ਸਰਕਾਰੀ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਉੱਪਰ ਤਰਜੀਹ ਦੇ ਰਹੇ ਹਨ। ਸਰਨਾ ਨੇ ਯਾਦ ਦਿਵਾਇਆ ਕਿ 2 ਜਨਵਰੀ 2004 ਨੂੰ ਤਤਕਾਲੀ ਜਥੇਦਾਰ ਗਿਆਨੀ ਜੁਗਿੰਦਰ ਸਿੰਘ ਵੇਦਾਂਤੀ ਵੱਲੋਂ ਜਾਰੀ ਆਦੇਸ਼ ਅਤੇ 5 ਮਈ 2017 ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਏ ਗਏ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਗੁਰੂ ਘਰਾਂ ਨਾਲ ਸਬੰਧਤ ਮਸਲਿਆਂ ਨੂੰ ਅਦਾਲਤਾਂ ਜਾਂ ਹੋਰ ਸਰਕਾਰੀ ਮੰਚਾਂ ‘ਤੇ ਨਾ ਲਿਜਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਗਿਆਨੀ ਰਘਬੀਰ ਸਿੰਘ ਦਾ ਸਿੱਟ ਅੱਗੇ ਪੇਸ਼ ਹੋਣਾ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਗਿਆਨੀ ਰਘਬੀਰ ਸਿੰਘ ਤੋਂ ਇਹ ਵੀ ਸਪੱਸ਼ਟ ਕਰਨ ਦੀ ਮੰਗ ਕੀਤੀ ਕਿ ਕੀ ਉਹ ਸਿੱਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਚਾ ਮੰਨਦੇ ਹਨ ਅਤੇ ਕੀ ਸਰਕਾਰੀ ਸਹੂਲਤਾਂ ਅਤੇ ਸੁਰੱਖਿਆ ਕੌਮੀ ਹਿੱਤਾਂ ਤੋਂ ਵੱਧ ਮਹੱਤਵ ਰੱਖਦੀਆਂ ਹਨ। ਸਰਨਾ ਨੇ ਕਿਹਾ ਕਿ ਸਿੱਖ ਕੌਮ ਨੂੰ ਵੀ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਨਤੀਜੇ ਕੱਢਣੇ ਚਾਹੀਦੇ ਹਨ। ਉਨ੍ਹਾਂ ਦੇ ਅਨੁਸਾਰ, ਗਿਆਨੀ ਰਘਬੀਰ ਸਿੰਘ ਦਾ ਇਹ ਕਦਮ ਕੌਮੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਅਤੇ ਇਸ ਬਾਰੇ ਉਨ੍ਹਾਂ ਨੂੰ ਸੰਗਤ ਅੱਗੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








