ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਦੇ ਨਾਲ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਹੈ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਥ ਕੋਲ ਸਖ਼ਤ ਕਾਰਵਾਈ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਵੀਡੀਓ ਨੂੰ ਏ.ਆਈ. ਨਾਲ ਬਣੀ ਦੱਸਿਆ ਗਿਆ, ਪਰ ਬਾਅਦ ਵਿੱਚ ਫੋਰੈਂਸਿਕ ਜਾਂਚਾਂ ਨੇ ਇਸ ਦਾਅਵੇ ਨੂੰ ਗਲਤ ਸਾਬਤ ਕਰ ਦਿੱਤਾ। ਇਸ ਦੇ ਨਾਲ ਹੀ ਜਾਗਤ ਜੋਤ ਸਤਿਕਾਰ ਕਾਨੂੰਨ ਦੇ ਮਾਮਲੇ ਵਿੱਚ ਵੀ ਸਮੁੱਚੇ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਾਰ-ਵਾਰ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਹਠਧਰਮੀ ਦਾ ਪ੍ਰਗਟਾਵਾ ਕਰਦੇ ਹੋਏ ਪੰਥ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਇਸ ਕਾਰਨ ਵੀ ਉਸ ਖ਼ਿਲਾਫ਼ ਸਖ਼ਤ ਪੰਥਕ ਕਾਰਵਾਈ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਇਹ ਫ਼ੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰਦਾ ਹੈ ਅਤੇ ਸਮੁੱਚੀ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਫ਼ੈਸਲਿਆਂ ਦੇ ਪਿੱਛੇ ਇੱਕਜੁੱਟ ਹੋ ਕੇ ਖੜ੍ਹਨਾ ਚਾਹੀਦਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








