👉 ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ ਹੈ
ਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਛੱਡ ਕੇ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਅਤੇ ਜਥੇਦਾਰ ਨਾਲ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ। ਕਾਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਕ ਜਾਂ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਅਕਾਲ ਤਖ਼ਤ ਦੀ ਮਰਿਆਦਾ ਨੂੰ ਚੁਣੌਤੀ ਦੇਣਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ। ਜਥੇਦਾਰਾਂ ਉੱਤੇ ਸਿਆਸੀ ਪ੍ਰਭਾਵ ਦੇ ਦੋਸ਼ਾਂ ਬਾਰੇ ਕਾਲਕਾ ਨੇ ਕਿਹਾ ਕਿ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਅਤੇ ਉਸ ਦੇ ਹੱਕ ਵਿੱਚ ਕਰੋੜਾਂ ਦੇ ਇਸ਼ਤਿਹਾਰਾਂ ਨੇ ਇਨ੍ਹਾਂ ਸ਼ੰਕਾਵਾਂ ਨੂੰ ਹੋਰ ਮਜ਼ਬੂਤ ਕੀਤਾ ਸੀ, ਪਰ ਇਸ ਦੇ ਬਾਵਜੂਦ ਅਕਾਲ ਤਖ਼ਤ ਦੀ ਸਰਵਉੱਚਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਰਮਜੀਤ ਸਿੰਘ ਸਰਨਾ ਉੱਤੇ ਤਿੱਖਾ ਹਮਲਾ ਕਰਦਿਆਂ ਕਾਲਕਾ ਨੇ ਕਿਹਾ ਕਿ ਜਿਨ੍ਹਾਂ ਨੇ ਖੁਦ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ, ਦੋ-ਦੋ ਸੰਗਰਾਂਦਾਂ ਅਤੇ ਗੁਰਪੁਰਬ ਮਨਵਾ ਕੇ ਪੰਥ ਵਿੱਚ ਦੁਬਿਧਾ ਪੈਦਾ ਕੀਤੀ, ਉਨ੍ਹਾਂ ਤੋਂ ਮਰਿਆਦਾ ਦੀ ਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਅਤੇ ਮਾਮਲਿਆਂ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਆਇਆ ਹੈ, ਜੋ ਬੇਹੱਦ ਮੰਦਭਾਗਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








