Home » ਪੰਜਾਬ » ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਸੇਵਾ ਅਤੇ ਸਮਰਪਣ ਦਾ ਮਹਾਨ ਸੰਦੇਸ਼: ਜਥੇਦਾਰ ਗੜਗੱਜ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਸੇਵਾ ਅਤੇ ਸਮਰਪਣ ਦਾ ਮਹਾਨ ਸੰਦੇਸ਼: ਜਥੇਦਾਰ ਗੜਗੱਜ

SHARE ARTICLE

8 Views

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਸੇਵਾ ਅਤੇ ਸਮਰਪਣ ਦਾ ਮਹਾਨ ਸੰਦੇਸ਼: ਜਥੇਦਾਰ ਗੜਗੱਜ

” ਪਾਕਿਸਤਾਨ ‘ਚ ਸਿੱਖਾਂ ‘ਤੇ ਹਮਲਾ ਮੰਦਭਾਗਾ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ”

ਅੰਮ੍ਰਿਤਸਰ 18 ਜੂਨ 2025- ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਸੇਧ ਲੈ ਕੇ ਗੁਰੂ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੀ ਭਲਾਈ, ਸਮਾਨਤਾ ਅਤੇ ਸੱਚ ਦੇ ਮਾਰਗ ਲਈ ਆਪਣਾ ਆਪ ਨਿਛਾਵਰ ਕਰ ਦਿੱਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾ ਕੇ ਮਨੁੱਖਤਾ ਨੂੰ ਇਕੱਠਾ ਕਰਨ ਦਾ ਮਹਾਨ ਸੰਦੇਸ਼ ਦਿੱਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਤਿਆਰ ਕਰਵਾ ਕੇ ਗੁਰੂ ਨਾਨਕ ਦੇ ਸਿੱਖਾਂ ਨੂੰ ਅਮੋਲਕ ਬਾਣੀ ਦੀ ਦਾਤ ਬਖ਼ਸ਼ੀ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੰਗਤ ਚ ਚੜ੍ਹਾਈ ਤੋਂ ਈਰਖਾ ਕਰਨ ਵਾਲੀਆਂ ਤਾਕਤਾਂ ਨੇ ਸਾਜ਼ਿਸ਼ ਤਹਿਤ ਗੁਰੂ ਸਾਹਿਬ ਨੂੰ ਤਸੀਹੇ ਦਿੱਤੇ ਪਰ ਗੁਰੂ ਸਾਹਿਬ ਨੇ ਹਰ ਹਾਲਤ ਵਿੱਚ “ਤੇਰਾ ਕੀਆ ਮੀਠਾ ਲਾਗੈ” ਦਾ ਸੰਦੇਸ਼ ਦੇ ਕੇ ਸਬਰ, ਸਮਰਪਣ ਅਤੇ ਪ੍ਰਭੂ ਭਾਣੇ ਨੂੰ ਮਿੱਠਾ ਮੰਨਣ ਦੀ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ 1606 ਈਸਵੀ ਵਿੱਚ ਲਾਹੌਰ ਵਿਖੇ ਗੁਰੂ ਸਾਹਿਬ ਨੇ ਸ਼ਹਾਦਤ ਪ੍ਰਾਪਤ ਕੀਤੀ, ਜਿਸ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਮੀਰੀ-ਪੀਰੀ ਦਾ ਯੁੱਗ ਸ਼ੁਰੂ ਹੋਇਆ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੋਰ ਮਜ਼ਬੂਤ ਅਤੇ ਚੜ੍ਹਦੀ ਕਲਾ ਵਾਲਾ ਬਣਾਇਆ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਵੀ ਸਿੱਖ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਠੰਢੀਆਂ-ਮਿੱਠੀਆਂ ਛਬੀਲਾਂ ਲਗਾ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਸੇਵਾ, ਸਿਮਰਨ ਅਤੇ ਗੁਰੂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।

ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ‘ਤੇ ਹੋਏ ਹਮਲੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਥੇਦਾਰ ਗੜਗੱਜ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਹੀ ਸਿੱਖ ਘੱਟ ਗਿਣਤੀ ਵਿੱਚ ਹਨ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਉੱਥੇ ਰਹਿ ਰਹੀਆਂ ਸਿੱਖਾਂ ਸਮੇਤ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News