ਨਵੀਂ ਦਿੱਲੀ, 19 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਜ਼ਿਲ੍ਹੇ ਸਥਿਤ ਗੁਰਦੁਆਰਾ ਬਾਬੂ ਮੁਹੱਲਾ ਵਿੱਚ ਸੇਵਾ ਨਿਭਾ ਰਹੇ ਸੇਵਾਦਾਰ ਜੋੜੇ ਜਗਨਨਾਥ ਅਤੇ ਆਸਾ ਵੰਤੀ ਦੇ ਕਤਲ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਗਹਿਰਾ ਦੁੱਖ ਅਤੇ ਚਿੰਤਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਿਆਂ ਦੀ ਦੇਖਭਾਲ ਕਰ ਰਹੇ ਸੇਵਾਦਾਰਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਸੇਵਾ ਨਿਭਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ। ਸਰਨਾ ਨੇ ਪਾਕਿਸਤਾਨ ਸਰਕਾਰ, ਖੈਬਰ ਪਖ਼ਤੂਨਖ਼ਵਾ ਪ੍ਰਸ਼ਾਸਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਪਾਰਦਰਸ਼ੀ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ, ਗੁਰਦੁਆਰਿਆਂ ਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਇਤਿਹਾਸਕ ਸਿੱਖ ਧਾਰਮਿਕ ਅਸਥਾਨਾਂ ’ਤੇ ਸੇਵਾ ਕਰ ਰਹੇ ਗ੍ਰੰਥੀਆਂ, ਸੇਵਾਦਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਯੋਗ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਦੁਖਦਾਈ ਘਟਨਾਵਾਂ ਦੀ ਦੁਬਾਰਾ ਵਾਪਰਣ ਤੋਂ ਰੋਕਥਾਮ ਹੋ ਸਕੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








