Home » ਨਵੀਂ ਦਿੱਲੀ » ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

SHARE ARTICLE

10 Views

ਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਸੰਕੇਤ ਦਿੱਤਾ ਗਿਆ ਸੀ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਲਈ ਜਲਦ ਹੀ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ। ਇਸੇ ਸੰਦਰਭ ਵਿੱਚ ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਪਣੇ ਸੁਝਾਅ ਅਤੇ ਬੇਨਤੀਆਂ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਮੋਰਚੇ ਦੇ ਏਜੰਡੇ ਵਿੱਚ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇ। ਜਥੇਬੰਦੀਆਂ ਵੱਲੋਂ ਜਾਰੀ ਬਿਆਨ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕਾਂ, ਬੰਦੀ ਸਿੰਘਾਂ ਦੀ ਰਿਹਾਈ, ਕਥਿਤ ਨਕਲੀ ਪੁਲਿਸ ਮੁਕਾਬਲਿਆਂ, ਗੈਂਗਸਟਰਵਾਦ ਦੀ ਆੜ ਹੇਠ ਸਿੱਖ ਨੌਜਵਾਨਾਂ ਉੱਤੇ ਦਰਜ ਕੀਤੇ ਜਾ ਰਹੇ ਮਾਮਲਿਆਂ, ਨਸ਼ਿਆਂ ਦੇ ਵੱਧ ਰਹੇ ਪ੍ਰਸਾਰ, 1984 ਦੇ ਸਿੱਖ ਕਤਲੇਆਮ, ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਫੌਜੀ ਹਮਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ, ਅਨੰਦਪੁਰ ਸਾਹਿਬ ਦੇ ਮਤੇ, ਕਿਸਾਨੀ ਮਸਲਿਆਂ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਸਬੰਧਤ ਮਸਲਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ਾਂ ਵਿੱਚ ਮਾਰੇ ਗਏ ਸਿੱਖ ਆਗੂਆਂ, ਸਿੱਖ ਨੌਜਵਾਨਾਂ ਉੱਤੇ ਦਰਜ ਕੀਤੇ ਗਏ ਕੇਸਾਂ, ਵਾਤਾਵਰਨ ਪ੍ਰਦੂਸ਼ਣ, ਪੰਜਾਬ ਵਿੱਚ ਵੱਧ ਰਹੇ ਨਸ਼ਿਆਂ, ਨੌਜਵਾਨੀ ਦੇ ਪਰਵਾਸ ਅਤੇ ਹੋਰ ਸਮਾਜਿਕ ਤੇ ਧਾਰਮਿਕ ਮਸਲਿਆਂ ਉੱਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ, ਸੰਤ-ਮਹਾਂਪੁਰਖ, ਨਿਹੰਗ ਸਿੰਘ ਜਥੇਬੰਦੀਆਂ, ਮਿਸ਼ਨਰੀ ਸੰਸਥਾਵਾਂ, ਧਰਮੀ ਫੌਜੀ, ਸਾਬਕਾ ਫੌਜੀ, ਰਾਗੀ ਜਥੇ, ਪ੍ਰਚਾਰਕ, ਵਿਦਵਾਨ, ਮਨੁੱਖੀ ਅਧਿਕਾਰ ਸੰਗਠਨ, ਵਕੀਲ, ਪੱਤਰਕਾਰ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੂੰ ਇਕ ਮੰਚ ‘ਤੇ ਇਕੱਠਾ ਕਰਕੇ ਸਾਂਝੀ ਰਣਨੀਤੀ ਉਲੀਕੀ ਜਾਵੇ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਅਤੇ ਵਿਦੇਸ਼ਾਂ ਵਿੱਚ ਵਸਦੀ ਸੰਗਤ ਨੂੰ ਵੀ ਇਸ ਮੋਰਚੇ ਨਾਲ ਜੋੜਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਅਕਾਲੀ ਆਗੂਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸੰਗਤ ਨੂੰ ਨਾਲ ਲੈ ਕੇ ਇਸ ਲਹਿਰ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਸ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚੀ ਪੰਥਕ ਸ਼ਕਤੀ ਨੂੰ ਇੱਕ ਮੰਚ ‘ਤੇ ਇਕੱਠਾ ਕਰਕੇ ਕੌਮ ਅਤੇ ਪੰਜਾਬ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਅਤੇ ਸ਼ਾਂਤਮਈ ਸੰਘਰਸ਼ ਨੂੰ ਅੱਗੇ ਵਧਾਇਆ ਜਾ ਸਕੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News