👉 ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਭੇਜਿਆ ਪ੍ਰਸ਼ੰਸਾ ਪੱਤਰ, ਕਿਹਾ— ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ
ਨਵੀਂ ਦਿੱਲੀ, 30 ਜੂਨ (ਮਨਪ੍ਰੀਤ ਸਿੰਘ ਖਾਲਸਾ):— ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪ੍ਰਸ਼ੰਸਾ ਪੱਤਰ ਭੇਜ ਕੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਅਪਣਾਏ ਗਏ ਦ੍ਰਿੜ ਅਤੇ ਨਿਡਰ ਰੁਖ ਦੀ ਭਰਪੂਰ ਸ਼ਲਾਘਾ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ, ਸਰਵਉੱਚਤਾ ਅਤੇ ਸਿੱਖ ਪੰਥ ਦੀ ਵਿਲੱਖਣ ਪਛਾਣ ਦੀ ਰੱਖਿਆ ਲਈ ਚੁੱਕੇ ਗਏ ਕਦਮ ਪੂਰੇ ਦੇਸ਼ ਲਈ ਮਿਸਾਲ ਹਨ। ਸਰਦਾਰ ਜੀਵਨ ਸਿੰਘ ਤਾਮਿਲ ਨੇ ਕਿਹਾ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਵਿਧਾਇਕਾਂ ਨੂੰ ਤਲਬ ਕਰਕੇ ਉਨ੍ਹਾਂ ਤੋਂ ਵਿਧਾਨਕ ਸੋਧ ਸਬੰਧੀ ਕੀਤੀ ਗਈ ਪੁੱਛਗਿੱਛ ਅਤੇ ਉਨ੍ਹਾਂ ਦੀ ਅਗਿਆਨਤਾ ਨੂੰ ਬੇਨਕਾਬ ਕਰਨਾ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਭਰਿਆ ਫ਼ੈਸਲਾ ਸੀ। ਉਨ੍ਹਾਂ ਕਿਹਾ ਕਿ ਜਨਤਕ ਨੁਮਾਇੰਦਿਆਂ ਨੂੰ ਬਿਨਾਂ ਪੂਰੀ ਸਮਝ ਅਤੇ ਜ਼ਿੰਮੇਵਾਰੀ ਦੇ ਕਾਨੂੰਨ ਪਾਸ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਜਥੇਦਾਰ ਵੱਲੋਂ ਦਿੱਤੀ ਗਈ ਸਖ਼ਤ ਫਟਕਾਰ ਨੇ ਲੋਕਤੰਤਰਿਕ ਜਵਾਬਦੇਹੀ ਦਾ ਮਹੱਤਵ ਉਜਾਗਰ ਕੀਤਾ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਕਿ ਸਿੱਖ ਧਰਮ ਦੇ ਸਮਾਨਤਾ, ਨਿਆਂ ਅਤੇ ਆਜ਼ਾਦੀ ਦੇ ਸਿਧਾਂਤਾਂ ਨੂੰ ਕਿਸੇ ਵੀ ਬ੍ਰਾਹਮਣਵਾਦੀ ਜਾਂ ਸਨਾਤਨੀ ਵਰਚਸਵ ਦੀ ਸੋਚ ਤੋਂ ਬਚਾ ਕੇ ਰੱਖਣ ਲਈ ਜਥੇਦਾਰ ਦਾ ਅਡੋਲ ਰੁਖ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਪਛਾਣ ਅਤੇ ਮੂਲ ਨਿਵਾਸੀਆਂ ਦੇ ਹੱਕਾਂ ਦੀ ਰੱਖਿਆ ਸਿਰਫ਼ ਉਹੀ ਆਗੂ ਕਰ ਸਕਦੇ ਹਨ ਜੋ ਸਿੱਖ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸਮਾਜਿਕ, ਸੱਭਿਆਚਾਰਕ, ਵਿਦਿਅਕ ਅਤੇ ਰੂਹਾਨੀ ਕਦਰਾਂ-ਕੀਮਤਾਂ ਨੂੰ ਸਮਝਦੇ ਅਤੇ ਅਮਲ ਵਿੱਚ ਲਿਆਉਂਦੇ ਹੋਣ। ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਆਪਣੇ ਪੱਤਰ ਵਿੱਚ ਕਾਰਜਕਾਰੀ ਜਥੇਦਾਰ ਦੀ ਦ੍ਰਿੜ ਅਗਵਾਈ ਨੂੰ “ਇਨਕਲਾਬੀ ਸਲਾਮ” ਭੇਟ ਕਰਦਿਆਂ ਕਿਹਾ ਕਿ ਧਰਮ ਦੇ ਸਿਧਾਂਤਾਂ ਅਤੇ ਲੋਕਾਂ ਦੀ ਰੂਹਾਨੀ ਆਜ਼ਾਦੀ ਨੂੰ ਰਾਜਨੀਤਿਕ ਦਬਾਅ ਤੋਂ ਉੱਪਰ ਰੱਖਣਾ ਹੀ ਸੱਚੀ ਅਗਵਾਈ ਦੀ ਨਿਸ਼ਾਨੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਜਥੇਦਾਰ ਨੂੰ ਪੰਥ ਦੀ ਸੇਵਾ ਵਿੱਚ ਹਮੇਸ਼ਾਂ ਚੜ੍ਹਦੀ ਕਲਾ ਅਤੇ ਦ੍ਰਿੜਤਾ ਬਖ਼ਸ਼ੇ। ਜਿਕਰਯੋਗ ਹੈ ਕਿ ਇਸ ਪੱਤਰ ਨੂੰ ਸਿੱਖ ਸਿਧਾਂਤਾਂ ਦੀ ਰਾਖੀ ਲਈ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਮੌਜੂਦਾ ਧਾਰਮਿਕ ਅਤੇ ਰਾਜਨੀਤਿਕ ਚਰਚਾ ਵਿੱਚ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








