Home » ਨਵੀਂ ਦਿੱਲੀ » ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

SHARE ARTICLE

9 Views

👉 ਭਾਰਤ ਸਰਕਾਰ ਨੇ ਪਾਕਿਸਤਾਨ ਕੋਲ ਸਖ਼ਤੀ ਨਾਲ ਮਾਮਲਾ ਉਠਾਉਣ ਦਾ ਦਿੱਤਾ ਭਰੋਸਾ: ਕਾਲਕਾ, ਕਾਹਲੋਂ

ਨਵੀਂ ਦਿੱਲੀ, 1 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਫਾਰੂਖ਼ਾਬਾਦ ਵਿਖੇ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹੁਣ ਦੀ ਕੋਸ਼ਿਸ਼ ਦੇ ਮਾਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ। ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਥਾਨਕ ਲੋਕਾਂ ਦੇ ਵਿਰੋਧ ਕਾਰਨ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਨਾਕਾਮ ਰਹੀ, ਪਰ ਅਜਿਹੀ ਘਟਨਾ ਸਿੱਖ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਵਫ਼ਦ ਨੇ ਵਿਦੇਸ਼ ਮੰਤਰਾਲੇ ਦੇ ਜੁਆਇੰਟ ਸਕੱਤਰ ਸ੍ਰੀ ਆਨੰਦ ਪ੍ਰਕਾਸ਼ ਨਾਲ ਮੁਲਾਕਾਤ ਕਰਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਦੌਰਾਨ ਪਾਕਿਸਤਾਨ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਖ਼ਿਲਾਫ਼ ਵਧ ਰਹੀਆਂ ਹਿੰਸਕ ਘਟਨਾਵਾਂ, ਧਾਰਮਿਕ ਅਸਥਾਨਾਂ ‘ਤੇ ਹਮਲਿਆਂ ਅਤੇ ਹਾਲ ਹੀ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉਨ੍ਹਾਂ ਦੀ ਪਤਨੀ ਦੇ ਕਤਲ ਦੀ ਘਟਨਾ ਬਾਰੇ ਵੀ ਚਿੰਤਾ ਪ੍ਰਗਟਾਈ ਗਈ। ਕਾਲਕਾ ਅਤੇ ਕਾਹਲੋਂ ਨੇ ਦੱਸਿਆ ਕਿ ਜੁਆਇੰਟ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਸੰਜੀਦਗੀ ਨਾਲ ਉਠਾਏਗੀ ਅਤੇ ਉੱਥੇ ਰਹਿ ਰਹੀਆਂ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਦੇ ਹੱਕਾਂ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਹਰ ਸੰਭਵ ਕੂਟਨੀਤਕ ਯਤਨ ਕੀਤੇ ਜਾਣਗੇ।
ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ, ਧਾਰਮਿਕ ਆਜ਼ਾਦੀ ਅਤੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਨਾਲ ਹੋਈ ਇਸ ਮੁਲਾਕਾਤ ਦੌਰਾਨ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਗੁਰਮੀਤ ਸਿੰਘ ਭਾਟੀਆ ਅਤੇ ਪਰਮਜੀਤ ਸਿੰਘ ਚੰਢੋਕ ਵੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News