ਨਵੀਂ ਦਿੱਲੀ 5 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਉਪਰ ਭਾਰਤੀ ਫੌਜ ਵਲੋਂ ਪਹਿਲੇ ਹਮਲੇ ਕੀਤੇ ਜਾਣ ਦੀ ਇਤਿਹਾਸਕ ਘਟਨਾਵਾਂ ਦੀ ਯਾਦ ਵਿੱਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟ੍ਰੇਲੀਆ, ਨਿਊਜ਼ੀਲੈਂਡ ਸਮੇਤ ਕਈ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਅਤੇ ਕੌਂਸਲੇਟਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਇਸ ਅਧਿਆਇ ਨੂੰ ਕਦੇ ਵੀ ਵਿਸਾਰਿਆ ਨਹੀਂ ਜਾ ਸਕਦਾ ਅਤੇ ਇਸ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਯੂਕੇ ਦੇ ਜਲਾਵਤਨੀ ਆਗੂ ਭਾਈ ਪਰਮਜੀਤ ਸਿੰਘ ਪੰਮਾ ਨੇ ਦੋਸ਼ ਲਗਾਇਆ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਤੋਂ ਫਿਰੌਤੀ ਦੀਆਂ ਮੰਗਾਂ ਕੀਤੀਆਂ ਜਾਂਦੀਆਂ ਹਨ। ਉਨਾਂ ਏਜੰਸੀਆਂ ਨੂੰ ਲਲਕਾਰਿਆ ਤੇ ਕਿਹਾ ਕਿ ਅਸੀਂ ਤੁਹਾਡੀ ਅੰਬੈਸੀਆਂ ਦੇ ਬਾਹਰ ਖੜੇ ਹਾਂ ਤੇ ਇਨ੍ਹਾਂ ਨੂੰ ਬੇਨਕਾਬ ਕਰਦੇ ਰਹਾਂਗੇ। ਉਨ੍ਹਾਂ ਭਾਰਤੀ ਅੰਬੈਸੀਆਂ ਨੂੰ ਬੰਦ ਕਰਨ ਦੀ ਮੰਗ ਕੀਤੀ। ਵੈਨਕੂਵਰ ਵਿਖੇ ਐਸਐਫਜੇ ਅਤੇ ਟੀਮ ਸ਼ਹੀਦ ਨਿੱਝਰ ਵੱਲੋਂ ਭਾਰਤੀ ਕੌਂਸਲੇਟ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਦੋਸ਼ ਲਗਾਇਆ ਕਿ 4 ਜੁਲਾਈ 1955 ਨੂੰ ਭਾਰਤ ਦੇ ਤਤਕਾਲੀਨ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਅਤੇ ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਭੀਮ ਸੈਨ ਸੱਚਰ ਦੇ ਕਾਰਜਕਾਲ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਦਰ ਪੁਲਿਸ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਭੁਲਾ ਦੇਣਾ ਇਤਿਹਾਸ ਨਾਲ ਬੇਇਨਸਾਫ਼ੀ ਹੋਵੇਗੀ ਅਤੇ ਇਨ੍ਹਾਂ ਬਾਰੇ ਜਾਗਰੂਕਤਾ ਫੈਲਾਉਣਾ ਸਮੇਂ ਦੀ ਮੰਗ ਹੈ। ਬੁਲਾਰਿਆਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ, ਸ਼ਹਾਦਤਾਂ ਅਤੇ ਗੁਰਧਾਮਾਂ ਦੀ ਮਰਯਾਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰ ਸਕਦੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਅਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਟੀਮ ਸ਼ਹੀਦ ਨਿੱਝਰ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿੱਖ ਪੰਥ ਦੇ ਫ਼ੈਸਲਿਆਂ ਦਾ ਸਤਿਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਜਾਰੀ ਰੱਖਣਗੇ। 5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਪੰਥਕ ਸੰਸਥਾ ਹੈ, ਜੋ ਹਰ ਯੁੱਗ ਵਿੱਚ ਸੱਚ, ਨਿਆਂ ਅਤੇ ਜ਼ੁਲਮ ਦੇ ਵਿਰੋਧ ਦੀ ਆਵਾਜ਼ ਬਣੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਅਤੇ ਗੁਰਮਰਯਾਦਾ ਦੀ ਰਾਖੀ ਲਈ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹਮੇਸ਼ਾ ਸਰਵੋਪਰੀ ਰਹੇਗੀ। ਪ੍ਰਦਰਸ਼ਨ ਦੌਰਾਨ ਸਮੂਹ ਅੰਬੈਸੀਆਂ ਮੂਹਰੇ ਖਾਲਿਸਤਾਨ ਦੇ ਸਮਰਥਨ ਅਤੇ ਭਾਰਤ ਸਰਕਾਰ ਦੇ ਵਿਰੋਧ ਵਿੱਚ ਭਾਰੀ ਪੱਧਰ ‘ਤੇ ਨਾਅਰੇਬਾਜ਼ੀ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕੁਝ ਵੀਡੀਓਆਂ ਅਤੇ ਤਸਵੀਰਾਂ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਘਸੀਟਦੇ ਦਿਖਾਇਆ ਗਿਆ ਅਤੇ ਭਾਰਤੀ ਤਿਰੰਗੇ ਦੀ ਬੇਹੂਰਮਤੀ ਕੀਤੀ ਗਈ । ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਸੇਵਾਦਾਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ 16 ਅਗਸਤ ਨੂੰ ਇੰਡੀਆਨਾ ਵਿਖੇ ਹੋਣ ਵਾਲੀਆਂ ਖਾਲਿਸਤਾਨ ਰੈਫਰੈਂਡਮ ਵੋਟਾਂ ਵਿੱਚ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੌਮੀ ਮਸਲਿਆਂ ਪ੍ਰਤੀ ਜਾਗਰੂਕਤਾ ਅਤੇ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਹਰਨੇਕ ਸਿੰਘ, ਭਾਈ ਸੁਲਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਬਰਾੜ, ਭਾਈ ਪਵਨਦੀਪ ਸਿੰਘ, ਭਾਈ ਗੁਰਦੀਪ ਸਿੰਘ ਅਤੇ ਭਾਈ ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਰਥਕ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








