👉 ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਲਈ 100 ਫੀਸਦੀ ਟਿਊਸ਼ਨ ਫੀਸ ਮੁਆਫ਼: ਕਾਲਕਾ, ਕਾਹਲੋਂ, ਕਰਮਸਰ
ਨਵੀਂ ਦਿੱਲੀ, 18 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 23ਵੇਂ ਰਾਗ ਦਰਬਾਰ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥੇ ਨੂੰ ਦੂਜੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਰਾਗ ਦਰਬਾਰ ਦਾ ਉਦੇਸ਼ ਗੁਰੂ ਸਾਹਿਬਾਨਾਂ ਵੱਲੋਂ ਪ੍ਰਚਲਿਤ ਰਾਗ ਆਧਾਰਿਤ ਕੀਰਤਨ ਪਰੰਪਰਾ ਨੂੰ ਪ੍ਰਫੁੱਲਤ ਕਰਨਾ ਅਤੇ ਇਸ ਖੇਤਰ ਵਿੱਚ ਵਿਸ਼ੇਸ਼ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਨਮਾਨਿਤ ਜੱਥਾ ਪਿਛਲੇ 50 ਸਾਲਾਂ ਤੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਨਿਰੰਤਰ ਕੀਰਤਨ ਦੀ ਸੇਵਾ ਨਿਭਾ ਰਿਹਾ ਹੈ ਅਤੇ ਇਸ ਦੇ ਸਿੱਖਾਏ ਕਈ ਰਾਗੀ ਅੱਜ ਦੇਸ਼-ਵਿਦੇਸ਼ ਵਿੱਚ ਸੇਵਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਸ਼੍ਰੋਮਣੀ ਰਾਗੀ ਐਵਾਰਡ ਦੇਸ਼ ਵਿੱਚ ਆਪਣੀ ਕਿਸਮ ਦਾ ਵਿਲੱਖਣ ਸਨਮਾਨ ਹੈ, ਜਿਸ ਰਾਹੀਂ ਗੁਰਮਤਿ ਸੰਗੀਤ ਦੀ ਸੰਭਾਲ ਅਤੇ ਕੀਰਤਨੀਆਂ ਦੀਆਂ ਲੰਬੀਆਂ ਤੇ ਨਿਰਸਵਾਰਥ ਸੇਵਾਵਾਂ ਨੂੰ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਰਾਗੀ ਪਰੰਪਰਾ ਨਾਲ ਜੋੜਨ ਵਿੱਚ ਵੀ ਸਹਾਈ ਸਾਬਤ ਹੋਣਗੇ। ਇਸ ਮੌਕੇ ਕਮੇਟੀ ਨੇ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਅੰਮ੍ਰਿਤਧਾਰੀ ਪਰਿਵਾਰਾਂ, ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਅਤੇ ਗੁਰਦੁਆਰਿਆਂ ਦੇ ਸੇਵਾਦਾਰਾਂ ਦੇ ਬੱਚਿਆਂ ਲਈ 12ਵੀਂ ਜਮਾਤ ਤੱਕ 100 ਫੀਸਦੀ ਟਿਊਸ਼ਨ ਫੀਸ ਮੁਆਫ਼ ਰਹੇਗੀ। ਖਾਲਸਾ ਸਾਜਨਾ ਦਿਵਸ ਮੌਕੇ ਕੀਤੇ ਐਲਾਨ ਅਨੁਸਾਰ ਅੰਮ੍ਰਿਤਧਾਰੀ ਪਰਿਵਾਰਾਂ ਤੋਂ ਮਿਲੀਆਂ ਅਰਜ਼ੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਯੋਗ ਪਰਿਵਾਰਾਂ ਨੂੰ ਜਲਦ ਮਨਜ਼ੂਰੀ ਪੱਤਰ ਜਾਰੀ ਕੀਤੇ ਜਾਣਗੇ। ਇਸ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਅਰਜ਼ੀਆਂ ਧਰਮ ਪ੍ਰਚਾਰ ਵਿੰਗ ਰਾਹੀਂ ਸਵੀਕਾਰ ਕੀਤੀਆਂ ਜਾਣਗੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








