ਅੰਮ੍ਰਿਤਸਰ (21 ਜਨਵਰੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕਰਦਿਆਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਆਖਿਆ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਆਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।