ਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਪੇਪਰ ਲੀਕ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਿਨਾਂ ਸਿਫ਼ਾਰਸ਼, ਬਿਨਾਂ ਰਿਸ਼ਵਤ ਅਤੇ ਸਿਰਫ਼ ਮੈਰਿਟ ਦੇ ਆਧਾਰ ‘ਤੇ ਕਰੀਬ 69 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਹੁਣ “ਨੋ ਕੈਸ਼, ਨੋ ਸਿਫ਼ਾਰਸ਼, ਸਿਰਫ਼ ਮੈਰਿਟ” ਦੇ ਸਿਧਾਂਤ ‘ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਫਾਰਮੇਸੀ ਪ੍ਰੀਖਿਆ ਦੌਰਾਨ ਪੇਪਰ ਲੀਕ ਨਹੀਂ, ਸਗੋਂ ਬਲੂਟੁੱਥ ਡਿਵਾਈਸ ਰਾਹੀਂ ਨਕਲ ਕਰਨ ਦੀ ਕੋਸ਼ਿਸ਼ ਹੋਈ ਸੀ, ਜਿਸ ਦਾ ਕੁਝ ਹੀ ਮਿੰਟਾਂ ਵਿੱਚ ਪਤਾ ਲੱਗ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਿਦਿਆਰਥੀਆਂ ਸਮੇਤ ਪੂਰੇ ਗਿਰੋਹ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ ਅਤੇ ਯੋਗਤਾ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਿਆਸੀ ਲੜਾਈ ਉਨ੍ਹਾਂ ਨਾਲ ਲੜੇ, ਪਰ ਪੰਜਾਬ ਦੇ ਨੌਜਵਾਨਾਂ ਦੀ ਲਗਨ, ਮਿਹਨਤ ਅਤੇ ਮੈਰਿਟ ‘ਤੇ ਸਵਾਲ ਖੜ੍ਹੇ ਕਰਨੇ ਬੰਦ ਕਰੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








