ਨਵੀਂ ਦਿੱਲੀ, 13 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਵਿਖੇ ਇਕ ਸ਼ਰਧਾਵਾਨ ਸਿੱਖ ਵਜੋਂ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਦੀ ਦਿੱਲੀ ਦੇ ਅਕਾਲੀ ਆਗੂ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪਵਿੱਤਰ ਗੁਰਧਾਮ ਵਿਖੇ ਨਤਮਸਤਕ ਹੋਣ ਆਏ ਕਿਸੇ ਵੀ ਸ਼ਰਧਾਲੂ ’ਤੇ ਹਮਲਾ ਕਰਨਾ ਸਿੱਖ ਰਵਾਇਤਾਂ, ਧਾਰਮਿਕ ਅਸੂਲਾਂ ਅਤੇ ਗੁਰਦੁਆਰਾ ਮਰਿਆਦਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ਼ ਸ. ਸੁਖਬੀਰ ਸਿੰਘ ਬਾਦਲ ’ਤੇ ਨਹੀਂ, ਸਗੋਂ ਸਿੱਖ ਰਵਾਇਤਾਂ ਦੀ ਪਿੱਠ ’ਤੇ ਮਾਰਿਆ ਗਿਆ ਖ਼ੰਜਰ ਹੈ ਅਤੇ ਧਾਰਮਿਕ ਅਸਥਾਨਾਂ ਨੂੰ ਸਿਆਸੀ ਜਾਂ ਨਿੱਜੀ ਵਿਰੋਧ ਦਾ ਅਖਾੜਾ ਬਣਾਉਣਾ ਕਿਸੇ ਵੀ ਪੱਖੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਸਰਦਾਰ ਸਰਨਾ ਨੇ ਕਿਹਾ ਕਿ ਅਜਿਹੇ ਕਾਇਰਾਨਾ ਹਮਲਿਆਂ ਨਾਲ ਸ. ਸੁਖਬੀਰ ਸਿੰਘ ਬਾਦਲ ਜਾਂ ਸ਼੍ਰੋਮਣੀ ਅਕਾਲੀ ਦਲ ਦੀ ਪੰਥ ਪ੍ਰਤੀ ਵਚਨਬੱਧਤਾ ਨੂੰ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ ਅਤੇ ਪੰਥਕ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਹਮਲਿਆਂ ਰਾਹੀਂ ਡਰਾਇਆ ਜਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਤੋਂ ਸੁਚੇਤ ਰਹਿੰਦਿਆਂ ਸਿੱਖ ਰਵਾਇਤਾਂ, ਸੰਜਮ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








