Home » ਸੰਸਾਰ » ਜਰਮਨੀ » ਅਖੌਤੀ ਆਜ਼ਾਦੀ ਦਿਹਾੜੇ ’ਤੇ ਇਨਸਾਫ਼ ਮੰਗ ਰਹੇ ਸਿੱਖਾਂ ਉੱਤੇ ਸਰਕਾਰੀ ਅੱਤਿਆਚਾਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ

ਅਖੌਤੀ ਆਜ਼ਾਦੀ ਦਿਹਾੜੇ ’ਤੇ ਇਨਸਾਫ਼ ਮੰਗ ਰਹੇ ਸਿੱਖਾਂ ਉੱਤੇ ਸਰਕਾਰੀ ਅੱਤਿਆਚਾਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ

SHARE ARTICLE

14 Views

ਫਰੈਂਕਫੋਰਟ, 15 ਅਗਸਤ 2026: ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇੱਕ ਸਾਂਝੇ ਬਿਆਨ ਵਿੱਚ ਭਾਰਤੀ ਹਕੂਮਤ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਹੱਕੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਗਏ ਵਹਿਸ਼ੀਆਨਾ ਅਤੇ ਜ਼ਾਲਮਾਨਾ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਅੱਜ ਭਾਰਤ ਅੰਦਰ ਇਨਸਾਫ਼ ਦੀ ਮੰਗ ਕਰਨਾ ਹੀ ਜੁਰਮ ਬਣਦਾ ਜਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਨੂੰਨੀ ਹੱਕਾਂ ਦੀ ਮੰਗ ਕਰ ਰਹੇ ਨਿਹੱਥੇ ਸਿੱਖਾਂ ਉੱਤੇ ਰਾਜ-ਤਾਕਤ ਦੀ ਵਰਤੋਂ ਕਰਕੇ ਕੀਤਾ ਗਿਆ ਦਮਨ ਭਾਰਤੀ ਲੋਕਤੰਤਰ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਸਿੱਖ ਕੌਮ ਪ੍ਰਤੀ ਸਰਕਾਰੀ ਪੱਖਪਾਤ ਨੂੰ ਉਜਾਗਰ ਕਰਦਾ ਹੈ।

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਜਦੋਂ ਸ਼ਾਂਤਮਈ ਮਾਰਚ ਵਾਈਪੀਐੱਸ ਚੌਕ ਤੋਂ ਪੰਜਾਬ ਦੇ ਰਾਜਪਾਲ ਹਾਊਸ ਵੱਲ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਪ੍ਰਦਰਸ਼ਨਕਾਰੀਆਂ ਉੱਤੇ ਪੁਲੀਸ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਸਰਕਾਰੀ ਦਮਨ ਦੀਆਂ ਹੱਦਾਂ ਉਸ ਸਮੇਂ ਹੋਰ ਪਾਰ ਹੋ ਗਈਆਂ ਜਦੋਂ ਨਿਹੱਥੇ ਪ੍ਰਦਰਸ਼ਨਕਾਰੀਆਂ ਉੱਤੇ ਡਰੋਨਾਂ ਰਾਹੀਂ ਵੀ ਗੈਸ ਦੇ ਗੋਲੇ ਸੁੱਟੇ ਗਏ। ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਆਵਾਜ਼ ਉਠਾ ਰਹੇ ਨਾਗਰਿਕਾਂ ਨਾਲ ਅਜਿਹਾ ਸਲੂਕ ਕਿਸੇ ਵੀ ਲੋਕਤੰਤਰੀ ਪ੍ਰਬੰਧ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਵਰਲਡ ਸਿੱਖ ਪਾਰਲੀਮੈਂਟ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਅਤੇ ਅਹਿਮ ਸਿੱਖ ਸ਼ਖਸੀਅਤਾਂ ਦੀਆਂ ਕੀਤੀਆਂ ਗ੍ਰਿਫ਼ਤਾਰੀਆਂ ਦੀ ਵੀ ਸਖ਼ਤ ਨਿੰਦਾ ਕਰਦੀ ਹੈ। ਇਸ ਮਾਰਚ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਸੰਗਤਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਦੀ ਇਸ ਮੰਗ ਨੂੰ ਲੈ ਕੇ ਸਿੱਖ ਪੰਥ ਦੇ ਅੰਦਰ ਡੂੰਘੀ ਇਕਜੁੱਟਤਾ ਅਤੇ ਭਾਰੀ ਰੋਹ ਮੌਜੂਦ ਹੈ।

ਦਹਾਕਿਆਂ ਤੋਂ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਅਸੂਲਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਿਨ੍ਹਾਂ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਨਾਲ ਸਬੰਧਤ ਕਾਨੂੰਨੀ ਹੱਕ ਪੂਰੇ ਕੀਤੇ ਹਨ, ਉਨ੍ਹਾਂ ਦੀ ਰਿਹਾਈ ਨੂੰ ਲਗਾਤਾਰ ਟਾਲਣਾ ਅਤੇ ਪੈਰੋਲ ਵਰਗੇ ਕਾਨੂੰਨੀ ਹੱਕ ਤੋਂ ਵਾਂਝਾ ਰੱਖਣਾ ਨਿਆਂ ਦੇ ਬਰਾਬਰੀ ਵਾਲੇ ਸਿਧਾਂਤ ਨਾਲ ਮੇਲ ਨਹੀਂ ਖਾਂਦਾ। ਖ਼ਾਸ ਕਰਕੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਅਪਣਾਇਆ ਜਾ ਰਿਹਾ ਰਵੱਈਆ ਸਿੱਖ ਕੌਮ ਵਿੱਚ ਗੰਭੀਰ ਚਿੰਤਾ ਪੈਦਾ ਕਰ ਰਿਹਾ ਹੈ।

ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਇਹ ਹੋਰ ਵੀ ਵੱਡੀ ਤ੍ਰਾਸਦੀ ਹੈ ਕਿ ਸਿੱਖਾਂ ਉੱਤੇ ਇਹ ਸਰਕਾਰੀ ਜਬਰ 15 ਅਗਸਤ—ਭਾਰਤ ਦੇ ਅਖੌਤੀ ਆਜ਼ਾਦੀ ਦਿਹਾੜੇ—ਦੇ ਦਿਨ ਕੀਤਾ ਗਿਆ। ਇੱਕ ਪਾਸੇ ਭਾਰਤੀ ਸਟੇਟ ਦੁਨੀਆ ਸਾਹਮਣੇ ਆਜ਼ਾਦੀ, ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੇ ਦਾਅਵੇ ਕਰ ਰਹੀ ਸੀ ਅਤੇ ਦੂਜੇ ਪਾਸੇ ਉਸੇ ਦਿਨ ਆਪਣੇ ਬੁਨਿਆਦੀ ਹੱਕਾਂ ਅਤੇ ਇਨਸਾਫ਼ ਦੀ ਮੰਗ ਕਰ ਰਹੇ ਸਿੱਖਾਂ ਉੱਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਅਤੇ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਇਹ ਵਿਰੋਧਾਭਾਸ ਭਾਰਤੀ ਲੋਕਤੰਤਰ ਦੇ ਦਾਅਵਿਆਂ ਦੀ ਹਕੀਕਤ ਨੂੰ ਸਮਝਣ ਲਈ ਕਾਫ਼ੀ ਹੈ।

ਆਗੂਆਂ ਨੇ ਕਿਹਾ ਕਿ ਸਿੱਖ ਕੌਮ ਨੂੰ ਇਸ ਘਟਨਾ ਤੋਂ ਇਹ ਸਮਝਣ ਦੀ ਲੋੜ ਹੈ ਕਿ ਸਿਰਫ਼ ਆਜ਼ਾਦੀ ਦੇ ਸਰਕਾਰੀ ਦਾਅਵੇ ਸੁਣਨ ਨਾਲ ਆਜ਼ਾਦੀ, ਨਿਆਂ ਅਤੇ ਬਰਾਬਰੀ ਹਕੀਕਤ ਨਹੀਂ ਬਣ ਜਾਂਦੇ। ਜਦੋਂ ਕਿਸੇ ਕੌਮ ਦੀ ਹੱਕੀ ਆਵਾਜ਼ ਨੂੰ ਗ੍ਰਿਫ਼ਤਾਰੀਆਂ, ਜਬਰ ਅਤੇ ਰਾਜ-ਤਾਕਤ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਪ੍ਰਬੰਧ ਦੀ ਲੋਕਤੰਤਰੀ ਭਰੋਸੇਯੋਗਤਾ ’ਤੇ ਸਵਾਲ ਉੱਠਣੇ ਸੁਭਾਵਿਕ ਹਨ।

ਵਰਲਡ ਸਿੱਖ ਪਾਰਲੀਮੈਂਟ ਸਮੁੱਚੇ ਸਿੱਖ ਜਗਤ ਨੂੰ ਸੱਦਾ ਦਿੰਦੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਦੇ ਹੱਕ ਵਿੱਚ ਸ਼ਾਂਤਮਈ, ਜਮਹੂਰੀ ਅਤੇ ਸੰਵਿਧਾਨਕ ਢੰਗ ਨਾਲ ਡਟ ਕੇ ਆਵਾਜ਼ ਬੁਲੰਦ ਕੀਤੀ ਜਾਵੇ। ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਵੱਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਜਾਵੇ ਅਤੇ ਭਾਰਤ ਅੰਦਰ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਸਲਿਆਂ ਨੂੰ ਹਰ ਕੌਮਾਂਤਰੀ ਮੰਚ ’ਤੇ ਉਠਾਇਆ ਜਾਵੇ।

ਵਰਲਡ ਸਿੱਖ ਪਾਰਲੀਮੈਂਟ ਸਪੱਸ਼ਟ ਕਰਦੀ ਹੈ ਕਿ ਡਰੋਨ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਅਤੇ ਗ੍ਰਿਫ਼ਤਾਰੀਆਂ ਇਨਸਾਫ਼ ਦੀ ਆਵਾਜ਼ ਨੂੰ ਸਦਾ ਲਈ ਦਬਾ ਨਹੀਂ ਸਕਦੀਆਂ। ਸਰਕਾਰੀ ਜਬਰ ਕਿਸੇ ਹੱਕੀ ਮੰਗ ਦੀ ਸੱਚਾਈ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖ ਕੌਮ ਆਪਣੇ ਹੱਕਾਂ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਾਂਤਮਈ ਅਤੇ ਦ੍ਰਿੜ੍ਹ ਸੰਘਰਸ਼ ਜਾਰੀ ਰੱਖੇਗੀ।

ਵਰਲਡ ਸਿੱਖ ਪਾਰਲੀਮੈਂਟ ਸਰਕਾਰੀ ਜਬਰ-ਜ਼ੁਲਮ ਦੀ ਸਖ਼ਤ ਨਿਖੇਧੀ ਕਰਦੀ ਹੋਈ ਬੰਦੀ ਸਿੰਘਾਂ ਦੀ ਰਿਹਾਈ, ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਸਿੱਖਾਂ ਲਈ ਬਰਾਬਰੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਮੰਗ ਲਈ ਹਰ ਕੌਮਾਂਤਰੀ ਮੰਚ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News