Home » ਨਵੀਂ ਦਿੱਲੀ » ਕਰਤਾਰਪੁਰ ਸਾਹਿਬ ਲਾਂਘਾ: ਸੁਰੱਖਿਆ ਦੇ ਨਾਂ ’ਤੇ ਸਿੱਖਾਂ ਨਾਲ ਵਿਤਕਰਾ ਕਿਉਂ?—ਭਾਈ ਪਰਮਜੀਤ ਸਿੰਘ ਵੀਰਜੀ

ਕਰਤਾਰਪੁਰ ਸਾਹਿਬ ਲਾਂਘਾ: ਸੁਰੱਖਿਆ ਦੇ ਨਾਂ ’ਤੇ ਸਿੱਖਾਂ ਨਾਲ ਵਿਤਕਰਾ ਕਿਉਂ?—ਭਾਈ ਪਰਮਜੀਤ ਸਿੰਘ ਵੀਰਜੀ

SHARE ARTICLE

11 Views

ਨਵੀਂ ਦਿੱਲੀ 20 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਤੋਂ ਇਨਕਾਰ ਕਰਨਾ ਸਿੱਖ ਸੰਗਤ ਦੇ ਮਨ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਸੁਰੱਖਿਆ ਹੀ ਕਿਸੇ ਧਾਰਮਿਕ ਯਾਤਰਾ ਨੂੰ ਰੋਕਣ ਦਾ ਮਾਪਦੰਡ ਹੈ ਤਾਂ ਇਹ ਮਾਪਦੰਡ ਸਭ ਲਈ ਇਕੋ ਜਿਹਾ ਹੋਣਾ ਚਾਹੀਦਾ ਹੈ। ਅਮਰਨਾਥ ਯਾਤਰਾ ਨੂੰ ਅਤੀਤ ਵਿੱਚ ਕਈ ਵਾਰ ਹਮਲਿਆਂ ਅਤੇ ਜਾਨੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਪਰ ਸੁਰੱਖਿਆ ਪ੍ਰਬੰਧ ਵਧਾ ਕੇ ਯਾਤਰਾ ਜਾਰੀ ਰੱਖੀ ਜਾਂਦੀ ਹੈ। ਫਿਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਬਜਾਏ ਲਾਂਘਾ ਬੰਦ ਕਰਨਾ ਹੀ ਕਿਉਂ ਚੁਣਿਆ ਜਾਂਦਾ ਹੈ? ਅਜਿਹੇ ਫ਼ੈਸਲੇ ਸਿੱਖਾਂ ਨੂੰ ਵਾਰ-ਵਾਰ ਇਹ ਅਹਿਸਾਸ ਕਰਵਾਉਂਦੇ ਹਨ ਕਿ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਨਾਲ ਬਰਾਬਰੀ ਵਾਲਾ ਵਿਹਾਰ ਨਹੀਂ ਹੋ ਰਿਹਾ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਵੀਰ ਜੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨੀ ਲੋਕਾਂ ਵੱਲੋਂ ਕੀਤੀ ਜਾਂਦੀ ਸੇਵਾ ਅਤੇ ਸਤਿਕਾਰ ਇਸ ਗੱਲ ਦਾ ਪ੍ਰਤੀਕ ਹੈ ਕਿ ਧਾਰਮਿਕ ਯਾਤਰਾ ਨੂੰ ਸਿਰਫ਼ ਸਿਆਸੀ ਐਨਕ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਜੇਕਰ ਸੁਰੱਖਿਆ ਦੀ ਕੋਈ ਚੁਣੌਤੀ ਹੈ ਤਾਂ ਸਰਕਾਰ ਉਸ ਦਾ ਮੁਕਾਬਲਾ ਕਰਨ ਲਈ ਪ੍ਰਬੰਧ ਕਰੇ। ਸਰਕਾਰ ਦਾ ਫ਼ਰਜ਼ ਆਪਣੇ ਨਾਗਰਿਕਾਂ ਦੀ ਹਿਫ਼ਾਜ਼ਤ ਕਰਨਾ ਹੈ, ਉਨ੍ਹਾਂ ਨੂੰ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਾ ਕਰਨਾ ਨਹੀਂ। ਜਦੋਂ ਸਰਕਾਰ ਆਪਣੇ ਆਗੂਆਂ ਲਈ ਬੇਪਨਾਹ ਸੁਰੱਖਿਆ ਪ੍ਰਬੰਧ ਕਰ ਸਕਦੀ ਹੈ ਤਾਂ ਸਿੱਖ ਸੰਗਤ ਦੀ ਕਰਤਾਰਪੁਰ ਯਾਤਰਾ ਲਈ ਵੀ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ। ਉਨ੍ਹਾਂ ਕੇਂਦਰ ਸਰਕਾਰ ਵਿੱਚ ਮੌਜੂਦ ਦੋ ਸਿੱਖ ਮੰਤਰੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸਿੱਖ ਪੰਥ ਦੇ ਇਸ ਅਹਿਮ ਮਸਲੇ ’ਤੇ ਉਨ੍ਹਾਂ ਨੂੰ ਆਪਣਾ ਫ਼ਰਜ਼ ਨਿਭਾਉਂਦਿਆਂ ਸਰਕਾਰ ’ਤੇ ਲਾਂਘਾ ਖੋਲ੍ਹਣ ਲਈ ਦਬਾਅ ਬਣਾਉਣਾ ਚਾਹੀਦਾ ਹੈ। ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸਰਕਾਰ ਦੀ ਨੀਅਤ ’ਤੇ ਸਵਾਲ ਇਸ ਲਈ ਵਾਰ-ਵਾਰ ਉੱਠਦੇ ਹਨ ਕਿਉਂਕਿ ਸਿੱਖ ਪੰਥ ਦੇ ਮਸਲਿਆਂ ਨੂੰ ਲੋੜੀਂਦੀ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ। ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਸਿੱਖਾਂ ਦੀ ਆਸਥਾ, ਇਤਿਹਾਸ ਅਤੇ ਗੁਰੂ-ਘਰ ਨਾਲ ਸਿੱਧਾ ਜੁੜਿਆ ਮਾਮਲਾ ਹੈ। ਸਰਕਾਰ ਨੂੰ ਸੁਰੱਖਿਆ ਦਾ ਹਵਾਲਾ ਦੇ ਕੇ ਰਸਤਾ ਬੰਦ ਕਰਨ ਦੀ ਬਜਾਏ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਜੇਕਰ ਇਹੀ ਰਵੱਈਆ ਜਾਰੀ ਰਿਹਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਿੱਖ ਸੰਗਤ ਦੇ ਰੋਹ ਅਤੇ ਨਾਰਾਜ਼ਗੀ ਦਾ ਸਿਆਸੀ ਪ੍ਰਭਾਵ ਕੇਂਦਰ ਸਰਕਾਰ ਨੂੰ ਭੁਗਤਣਾ ਪੈ ਸਕਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News