
ਵਲੈਨਸੀਆ , ਸਪੇਨ: 7 ਸਤੰਬਰ ਗੁਰਦੁਆਰਾ ਸਿੱਖ ਸੰਗਤ ਸਾਹਿਬ ਵਲੈਂਸੀਆ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਗੁਰੂ ਘਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕੀਰਤਨੀ ਜਥੇ ਦੇ ਭਾਈ ਲਖਵੀਰ ਸਿੰਘ ਸਾਹਨ ਜੀ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਭਾਈ ਸਾਹਿਬ ਜੀ ਵੱਲੋਂ ਪਿਛਲੇ ਇੱਕ ਹਫ਼ਤੇ ਤੋਂ ਗੁਰਦੁਆਰਾ ਸਾਹਿਬ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।
ਸਮਾਗਮ ਦੌਰਾਨ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਵਿਸ਼ੇਸ਼ ਤੌਰ ’ਤੇ ਗਿਫਟ ਵੀ ਦਿੱਤੇ ਗਏ। ਇਸ ਦੇ ਨਾਲ ਹੀ ਬੱਚਿਆਂ ਨੂੰ ਵਾਰਿਸ ਪੰਜਾਬ ਦੀਆਂ ਟੀ-ਸ਼ਰਟਾਂ ਵੀ ਭੇਟ ਕੀਤੀਆਂ ਗਈਆਂ, ਜਿਨ੍ਹਾਂ ’ਤੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਭਾਈ ਅੰਮ੍ਰਿਤਪਾਲ ਸਿੰਘ ਜੀ ਖ਼ਾਲਸਾ ਅਤੇ ਸ਼ਹੀਦ ਦੀਪ ਸਿੱਧੂ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ।
ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਹੈ, ਤਾਂ ਜੋ ਵਿਦੇਸ਼ਾਂ ਵਿੱਚ ਪਲ ਰਹੇ ਬੱਚੇ ਵੀ ਆਪਣੀ ਵਿਰਾਸਤ, ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਮਜ਼ਬੂਤੀ ਨਾਲ ਜੁੜੇ ਰਹਿਣ।
ਇਸ ਪਵਿੱਤਰ ਸਮਾਗਮ ਨੂੰ ਸਫ਼ਲ ਬਣਾਉਣ ਲਈ ਗੁਰਦੁਆਰਾ ਸਿੱਖ ਸੰਗਤ ਸਾਹਿਬ ਵਲੈਂਸੀਆ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਸਮਾਗਮ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਸੰਗਤ ਨੇ ਆਪਣੇ ਆਪ ਨੂੰ ਵਡਭਾਗਾ ਸਮਝਿਆ।
ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆ,
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।



