19 Views

ਗੁਰਦਵਾਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਅਤੇ ਭਾਈ ਦਿਲਾਵਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਜਰਮਨੀ 6 ਸਤੰਬਰ :ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਕੌਮੀ ਸ਼ਹੀਦ ਮਹਾਨ ਸੂਰਬੀਰ ਯੋਧੇ ਭਾਈ ਦਿਲਾਵਰ ਸਿੰਘ ਬੱਬਰ ਜੀ ਦੇ ਸਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਕਵੀਸ਼ਰੀ ਜਥਾ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਜਗਜੀਤ ਸਿੰਘ ਜੀ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਭਾਈ ਦਿਲਾਵਰ ਸਿੰਘ ਬੱਬਰ ਜੀ ਦੇ ਜੀਵਨ, ਸੰਘਰਸ਼ ਅਤੇ ਸ਼ਹਾਦਤ ਸਬੰਧੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਕ ਅਤੇ ਆਤਮਿਕ ਸੰਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਗੁਰੂ ਸਾਹਿਬ ਦੇ ਲੜ ਲੱਗਣ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ।
ਸਮਾਗਮ ਦੀਆਂ ਸਮੂਹ ਸੇਵਾਵਾਂ ਸੰਗਤਾਂ ਵੱਲੋਂ ਪੂਰੀ ਤਨਦੇਹੀ ਅਤੇ ਸ਼ਰਧਾ ਨਾਲ ਨਿਭਾਈਆਂ ਗਈਆਂ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ, ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪਾਲ ਸਿੰਘ ਪਾਲਾ ਜੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਹਰ ਸਿੱਖ ਨੂੰ ਆਪਣੇ ਜੀਵਨ ਦਾ ਹਰ ਸਾਹ ਗੁਰੂ, ਗੁਰਬਾਣੀ ਅਤੇ ਪੰਥ ਦੀ ਸੇਵਾ ਲਈ ਸਮਰਪਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਗੁਰਸਿੱਖੀ ਜੀਵਨ ਅਪਣਾਉਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਅਤੇ ਆਤਮਿਕ ਲਾਹੇ ਪ੍ਰਾਪਤ ਕੀਤੇ।
ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।



