Home » ਪੰਜਾਬ » ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼

SHARE ARTICLE

10 Views

 

ਸ੍ਰੀ ਅੰਮ੍ਰਿਤਸਰ, 25 ਸਤੰਬਰ-
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ ਮਰਯਾਦਾ ਤੇ ਗੁਰੂ ਸਾਹਿਬ ਜੀ ਦੇ ਸਤਿਕਾਰ ਪੱਖੋਂ ਜਾਂਚ ਕੀਤੇ ਬਿਨਾਂ ਹੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪਾਵਨ ਬੀੜਾਂ ਦੇਣ ਦੀ ਆਗਿਆ ਕੀਤੇ ਜਾਣ ਸਬੰਧੀ ਘਟਨਾ ਸਾਹਮਣੇ ਆਈ ਹੈ।
ਸਥਾਨਕ ਸੰਗਤ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਉਪਰੰਤ ਪ੍ਰਬੰਧਕਾਂ ਵੱਲੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਮੁੜ ਬਿਰਾਜਮਾਨ ਕਰਵਾਏ ਗਏ। ਇਸ ਘਟਨਾ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿੱਚ ਰੋਸ ਪੈਦਾ ਹੋਇਆ ਹੈ। ਭਾਵੇਂ ਗੁਰਦੁਆਰਾ ਸਾਹਿਬ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਸਪੱਸ਼ਟੀਕਰਨ ਅਤੇ ਸੰਗਤ ਪਾਸੋਂ ਖਿਮਾ ਜਾਚਨਾ ਜਨਤਕ ਕੀਤੀ ਗਈ ਹੈ, ਪਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਹੋਈ ਅਣਗਹਿਲੀ ਸਬੰਧੀ ਉਹ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ।
ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਰਾਹੀਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਹੁੰਚੇ ਹਨ, ਉਨ੍ਹਾਂ ਦੀ ਮੁਕੰਮਲ ਵੇਰਵੇ ਸਹਿਤ ਜਾਣਕਾਰੀ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ। ਗੁਰਦੁਆਰਾ ਪ੍ਰਬੰਧਕਾਂ ਨੂੰ ਇਹ ਸਪੱਸ਼ਟ ਕਰਨ ਦੇ ਆਦੇਸ਼ ਕੀਤੇ ਗਏ ਹਨ ਕਿ ਉਨ੍ਹਾਂ ਨੂੰ ਪ੍ਰਾਪਤ ਹੋਈਆਂ ਪਾਵਨ ਬੀੜਾਂ ਵਿੱਚੋਂ ਕਿੰਨੀਆਂ ਸੰਗਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ, ਕਿੰਨੀਆਂ ਗੁਰਦੁਆਰਾ ਸਾਹਿਬ ਕੋਲ ਮੌਜੂਦ ਹਨ ਅਤੇ ਸੰਗਤ ਵੱਲੋਂ ਹੋਰ ਕਿੰਨੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀ.ਸੀ. ਕੈਨੇਡਾ ਦੀ ਸਮੂਹ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਗੁਰੂ ਸਾਹਿਬ ਜੀ ਦੀ ਭੈਅ-ਭਾਵਨੀ ਵਿੱਚ ਰਹਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਆਪਸੀ ਪ੍ਰੇਮ, ਸਦਭਾਵਨਾ ਅਤੇ ਇਤਫਾਕ ਵਾਲਾ ਮਾਹੌਲ ਬਣਾਉਣ ਲਈ ਸਹਿਯੋਗ ਬਣਨ।
*****

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News