ਜਰਮਨੀ ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪੰਥਕ ਆਗੂਆਂ ਨੇ ਕਿਹਾ ਕਿ ਭਾਈ ਜਸਪਾਲ ਸਿੰਘ ਮੰਝਪੁਰ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹੱਕਾਂ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਨ੍ਹਾਂ ਪੰਥਕ ਸੇਵਾਵਾਂ ਕਾਰਨ ਉਨ੍ਹਾਂ ਨੂੰ ਜੇਲ੍ਹ ਵਿੱਚ ਕਾਲ ਕੋਠੜੀਆਂ ਦਾ ਸਫ਼ਰ ਵੀ ਕਰਨਾ ਪਿਆ। ਇਸ ਦੌਰਾਨ ਭਾਈ ਮੰਝਪੁਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਨੇਕਾਂ ਮੁਸ਼ਕਲਾਂ ਅਤੇ ਔਕੜਾਂ ਦਾ ਸਾਹਮਣਾ ਕਰਨਾ ਪਿਆ, ਪਰ ਉਨ੍ਹਾਂ ਨੇ ਕਦੇ ਵੀ ਪੰਥਕ ਸੇਵਾਵਾਂ ਅਤੇ ਆਪਣੇ ਸੰਘਰਸ਼ ਤੋਂ ਮੂੰਹ ਨਹੀਂ ਮੋੜਿਆ। ਓਨ੍ਹਾ ਦਸਿਆ ਭਾਈ ਜਸਪਾਲ ਸਿੰਘ ਮੰਝਪੁਰ ਨੇ ਵਕਾਲਤ ਦੀ ਸਿੱਖਿਆ ਹਾਸਲ ਕਰਨ ਉਪਰੰਤ ਜਿੱਥੇ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵਕੀਲ ਵਜੋਂ ਸੇਵਾਵਾਂ ਨਿਭਾਈਆਂ, ਉੱਥੇ ਹੀ ਸਰਕਾਰ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਪੈਰਵੀ ਵੀ ਪੂਰੀ ਸਿਦਕ ਅਤੇ ਸਿਦਤ ਨਾਲ ਕਰਦੇ ਆ ਰਹੇ ਹਨ। ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਭਾਈ ਜਗਤਾਰ ਸਿੰਘ ਜੱਗੀ ਜੌਹਲ ਅਤੇ ਹੋਰ ਅਨੇਕਾਂ ਨੌਜਵਾਨਾਂ ਦੇ ਮਾਮਲਿਆਂ ਵਿੱਚ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਾਨੂੰਨੀ ਚਾਰਾਜੋਈ ਇਸ ਦਾ ਪ੍ਰਮੁੱਖ ਉਦਾਹਰਨ ਹੈ। ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ ਅਤੇ ਭਾਈ ਅਮਰਜੀਤ ਸਿੰਘ ਮੰਗੂਪੁਰ, ਬੱਬਰ ਖਾਲਸਾ ਜਰਮਨੀ ਵੱਲੋਂ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਬੱਬਰ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਹਰਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਵੱਲੋਂ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅੰਤ ਵਿਚ ਪੰਥਕ ਆਗੂਆਂ ਨੇ ਕਿਹਾ ਕਿ ਮਾਤਾ ਜਗਦੀਸ਼ ਕੌਰ ਜੀ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਦੁੱਖ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








