ਸਿੱਖ ਕੌਮ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਯੋਧਿਆਂ ਅਤੇ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਡਾ ਕੌਮੀ ਫ਼ਰਜ਼
ਫਰੈਂਕਫਰਟ (ਜਰਮਨੀ) 25 ਅਕਤੂਬਰ (ਖਿੜਿਆ ਪੰਜਾਬ ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹਫ਼ਤਾਵਾਰੀ ਗੁਰਮਤਿ ਦੀਵਾਨ ਦੀ ਸਮਾਪਤੀ ਉਪਰੰਤ ਸਿੱਖ ਕੌਮ ਦੀ ਆਜ਼ਾਦੀ ਦੇ ਸੰਘਰਸ਼ ਨੂੰ ਸਮਰਪਿਤ ਦਲ ਖ਼ਾਲਸਾ ਦੇ ਮੋਢੀ ਆਗੂ, ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ਕੈਨੇਡਾ ਦੀ ਧਰਤੀ ਉੱਤੇ ਭਾਰਤੀ ਏਜੰਸੀਆਂ ਵੱਲੋ ਖ਼ਾਲਿਸਤਾਨੀ ਆਗੂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਪੂਰੇ ਸਤਿਕਾਰ ਅਤੇ ਕੌਮੀ ਜਜ਼ਬੇ ਨਾਲ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ।
ਜ਼ਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਦਾ ਲਗਭਗ ਅੱਧੀ ਸਦੀ ਦਾ ਲੰਮਾ ਸਮਾਂ ਸਿੱਖ ਕੌਮ ਦੀ ਆਜ਼ਾਦੀ ਦੇ ਸੰਘਰਸ਼ ਨੂੰ ਸਮਰਪਿਤ ਕੀਤਾ। ਆਪਣੀ ਵਿਚਾਰਧਾਰਕ ਵਚਨਬੱਧਤਾ ਅਤੇ ਕੌਮੀ ਨਿਸ਼ਾਨੇ ਪ੍ਰਤੀ ਦ੍ਰਿੜ੍ਹਤਾ ਕਾਰਨ ਉਨ੍ਹਾਂ ਨੂੰ ਲੰਮਾ ਸਮਾਂ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਜਲਾਵਤਨੀ ਯੋਧਾ’ ਦੇ ਸਨਮਾਨ ਨਾਲ ਨਿਵਾਜਿਆ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਸੰਘਰਸ਼ ਦੇ ਇੱਕ ਮਹੱਤਵਪੂਰਨ ਅਧਿਆਇ ਦਾ ਅੰਤ ਹੋਇਆ, ਪਰ ਉਨ੍ਹਾਂ ਦੀ ਕੌਮੀ ਘਾਲਣਾ ਅਤੇ ਸੰਘਰਸ਼ਮਈ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਇਸੇ ਤਰ੍ਹਾਂ ਕੈਨੇਡਾ ਦੇ ਸਰੀ ਸ਼ਹਿਰ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਖ਼ਾਲਿਸਤਾਨੀ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਜੂਨ 2023 ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਸ਼ਹੀਦੀ ਵਿੱਚ ਭਾਰਤੀ ਏਜੰਸੀਆਂ ਦੀ ਕਥਿਤ ਸ਼ਮੂਲੀਅਤ ਦੇ ਦੋਸ਼ ਕਨੇਡਾ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਲਗਾਏ ਜਿਸ ਨੇ ਅੰਤਰਰਾਸ਼ਟਰੀ ਪੱਧਰ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ। ਸਿੱਖ ਜਥੇਬੰਦੀਆਂ ਵੱਲੋ ਕੌਮੀ ਸ਼ਹੀਦ ਵਜੋਂ ਸਤਿਕਾਰ ਦਿੱਤਾ ਜਾਂਦਾ ਹੈ।
ਇਨ੍ਹਾਂ ਦੋਵਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਵੀ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਸੇ ਪਰੰਪਰਾ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਉਨ੍ਹਾਂ ਦੀਆਂ ਤਸਵੀਰਾਂ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਕੇ ਉਨ੍ਹਾਂ ਦੀ ਕੌਮੀ ਘਾਲਣਾ ਨੂੰ ਸਤਿਕਾਰ ਭੇਟ ਕੀਤਾ ਗਿਆ
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ ਘੋਤੜਾ, ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ, ਜਨਰਲ ਸਕੱਤਰ ਭਾਈ ਹੀਰਾ ਸਿੰਘ ਮੱਤੇਵਾਲ, ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ, ਸਾਬਕਾ ਪ੍ਰਧਾਨ ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ ਘੋਤੜਾ, ਭਾਈ ਬਹਾਦਰ ਸਿੰਘ ਸਮਰਾ ਅਤੇ ਭਾਈ ਜਸਵੰਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਕਿ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਸਟੇਜ ਦੀ ਇਹ ਵਿਲੱਖਣ ਪਛਾਣ ਰਹੀ ਹੈ ਕਿ ਇੱਥੋਂ ਹਮੇਸ਼ਾ ਪੰਥਕ ਹਿੱਤਾਂ, ਸਿੱਖ ਕੌਮ ਦੇ ਹੱਕਾਂ ਅਤੇ ਆਜ਼ਾਦੀ ਦੇ ਸੰਘਰਸ਼ ਦੀ ਗੱਲ ਬੇਬਾਕੀ ਅਤੇ ਚੜ੍ਹਦੀ ਕਲਾ ਨਾਲ ਕੀਤੀ ਜਾਂਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਪਹਿਲਾਂ ਵੀ ਸਿੱਖ ਕੌਮ ਦੀ ਆਜ਼ਾਦੀ ਅਤੇ ਖ਼ਾਲਿਸਤਾਨ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਸੁਸ਼ੋਭਿਤ ਹਨ। ਇਹ ਤਸਵੀਰਾਂ ਕੇਵਲ ਕੰਧਾਂ ਉੱਤੇ ਲੱਗੀਆਂ ਯਾਦਗਾਰੀ ਨਿਸ਼ਾਨੀਆਂ ਨਹੀਂ, ਸਗੋਂ ਸਿੱਖ ਕੌਮ ਦੇ ਸੰਘਰਸ਼ਮਈ ਇਤਿਹਾਸ, ਅਣਗਿਣਤ ਕੁਰਬਾਨੀਆਂ ਅਤੇ ਕੌਮੀ ਸਵੈਮਾਣ ਦੀਆਂ ਜਿਊਂਦੀਆਂ ਗਵਾਹੀਆਂ ਹਨ। ਜਿਹੜੀਆਂ ਕੌਮਾਂ ਆਪਣੇ ਇਤਿਹਾਸ, ਸੰਘਰਸ਼ ਅਤੇ ਕੁਰਬਾਨੀਆਂ ਨੂੰ ਭੁੱਲ ਜਾਂਦੀਆਂ ਹਨ, ਉਹ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿੱਚ ਕਮਜ਼ੋਰ ਪੈ ਜਾਂਦੀਆਂ ਹਨ। ਇਸ ਲਈ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਸੰਘਰਸ਼ਸ਼ੀਲ ਯੋਧਿਆਂ ਦੀਆਂ ਯਾਦਾਂ ਨੂੰ ਸੰਭਾਲੀਏ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ, ਸਿਧਾਂਤਾਂ ਅਤੇ ਕੌਮੀ ਘਾਲਣਾ ਤੋਂ ਜਾਣੂ ਕਰਵਾਈਏ।
ਸਿੱਖ ਕੌਮ ਦਾ ਇਤਿਹਾਸ ਜ਼ੁਲਮ ਵਿਰੁੱਧ ਡਟਣ, ਸੱਚ ਲਈ ਖੜ੍ਹਨ, ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਅਤੇ ਆਪਣੇ ਸਿਧਾਂਤਾਂ ਉੱਤੇ ਅਡੋਲ ਰਹਿਣ ਦਾ ਇਤਿਹਾਸ ਹੈ। ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਇਸ ਮਹਾਨ ਵਿਰਾਸਤ ਨੂੰ ਸੰਭਾਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਆਪਣੀ ਪੰਥਕ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ।
ਅੰਤ ਵਿੱਚ ਸਮੂਹ ਸੰਗਤਾਂ ਨੇ ਖਾਲਿਸਤਾਨ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਨ੍ਹਾਂ ਦੋਵਾਂ ਕੌਮੀ ਸ਼ਖ਼ਸੀਅਤਾਂ ਦੀ ਘਾਲਣਾ ਨੂੰ ਸਤਿਕਾਰ ਭੇਟ ਕੀਤਾh
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








