Home » Blog » ਨਨਕਾਣਾ ਸਾਹਿਬ ਯੂਨੀਵਰਸਿਟੀ ਨੂੰ ਕੌਮਾਂਤਰੀ ਪੱਧਰ ’ਤੇ ਮਜ਼ਬੂਤੀ ਦੀ ਉਮੀਦ, ਪਰਮਜੀਤ ਸਿੰਘ ਸਰਨਾ ਦੀ ਨਿਯੁਕਤੀ ’ਤੇ ਦਿੱਲੀ ਅਕਾਲੀ ਦਲ ਵੱਲੋਂ ਖੁਸ਼ੀ ਦਾ ਪ੍ਰਗਟਾਵਾ: ਵੀਰਜੀ

ਨਨਕਾਣਾ ਸਾਹਿਬ ਯੂਨੀਵਰਸਿਟੀ ਨੂੰ ਕੌਮਾਂਤਰੀ ਪੱਧਰ ’ਤੇ ਮਜ਼ਬੂਤੀ ਦੀ ਉਮੀਦ, ਪਰਮਜੀਤ ਸਿੰਘ ਸਰਨਾ ਦੀ ਨਿਯੁਕਤੀ ’ਤੇ ਦਿੱਲੀ ਅਕਾਲੀ ਦਲ ਵੱਲੋਂ ਖੁਸ਼ੀ ਦਾ ਪ੍ਰਗਟਾਵਾ: ਵੀਰਜੀ

SHARE ARTICLE

9 Views

 

ਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬਾਬਾ ਗੁਰੂ ਨਾਨਕ ਯੂਨੀਵਰਸਿਟੀ, ਸ੍ਰੀ ਨਨਕਾਣਾ ਸਾਹਿਬ ਦੇ ਕੌਮਾਂਤਰੀ ਸਲਾਹਕਾਰ ਬੋਰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਸ਼ਮੂਲੀਅਤ ’ਤੇ ਦਿੱਲੀ ਅਕਾਲੀ ਦਲ ਨੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਮਾਣ ਵਾਲਾ ਪਲ ਕਰਾਰ ਦਿੱਤਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਪਾਰਟੀ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਤੋਂ ਚੁਣੀਆਂ ਗਈਆਂ ਪ੍ਰਮੁੱਖ ਸ਼ਖਸੀਅਤਾਂ ਵਾਲੇ ਇਸ ਬੋਰਡ ਵਿੱਚ ਸਰਨਾ ਦਾ ਨਾਮ ਸਭ ਤੋਂ ਪਹਿਲਾਂ ਦਰਜ ਹੋਣਾ ਉਨ੍ਹਾਂ ਦੀ ਕੌਮਾਂਤਰੀ ਪਛਾਣ ਅਤੇ ਤਜਰਬੇ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਸਥਾਪਿਤ ਇਹ ਯੂਨੀਵਰਸਿਟੀ ਸਿੱਖ ਕੌਮ ਦੀ ਮਹੱਤਵਪੂਰਨ ਵਿਰਾਸਤ ਹੈ ਅਤੇ ਇਸ ਨੂੰ ਵਿਸ਼ਵ ਪੱਧਰ ’ਤੇ ਵਿਕਸਤ ਕਰਨ ਲਈ ਅੰਤਰਰਾਸ਼ਟਰੀ ਯੂਨੀਵਰਸਿਟੀਆਂ, ਖੋਜ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਮਜ਼ਬੂਤ ਸਾਂਝ ਬਣਾਉਣੀ ਜ਼ਰੂਰੀ ਹੈ। ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਆਸ ਪ੍ਰਗਟਾਈ ਕਿ ਸਰਨਾ ਆਪਣੇ ਲੰਮੇ ਤਜਰਬੇ ਅਤੇ ਕੌਮਾਂਤਰੀ ਸੰਪਰਕਾਂ ਰਾਹੀਂ ਯੂਨੀਵਰਸਿਟੀ ਦੇ ਅਕਾਦਮਿਕ ਵਿਕਾਸ, ਖੋਜ ਕਾਰਜਾਂ, ਵਿਦਿਆਰਥੀਆਂ ਲਈ ਨਵੇਂ ਮੌਕਿਆਂ, ਸਕਾਲਰਸ਼ਿਪਾਂ ਅਤੇ ਵਿਦੇਸ਼ੀ ਸੰਸਥਾਵਾਂ ਨਾਲ ਭਾਈਵਾਲੀਆਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਲਾਹਕਾਰ ਬੋਰਡ ਵਿੱਚ ਸਰਨਾ ਜੀ ਦੀ ਨਿਯੁਕਤੀ ਦਿੱਲੀ ਦੀ ਸਿੱਖ ਸੰਗਤ ਸਮੇਤ ਸਮੁੱਚੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਦਿੱਲੀ ਅਕਾਲੀ ਦਲ ਦੀ ਸਮੂਹ ਕਾਰਜਕਾਰਨੀ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਯੂਨੀਵਰਸਿਟੀ ਦੀ ਤਰੱਕੀ ਅਤੇ ਉਨ੍ਹਾਂ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News