ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ
ਸਪੇਨ 22 ਨਵੰਬਰ (ਖਿੜਿਆ ਪੰਜਾਬ) ਸਪੇਨ ਦੇ ਸ਼ਹਿਰ ਵੈਲੈਂਸੀਆ ਦੀ ਧਰਤੀ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ।
ਇਸ ਪਾਵਨ ਮੌਕੇ ’ਤੇ ਸਮੂਹ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਨਗਰ ਕੀਰਤਨ ਦੌਰਾਨ ਸਿੱਖ ਚੈਨਲ ਦੀ ਟੀਮ ਵੱਲੋਂ ਪੂਰੇ ਸਮਾਗਮ ਦੀ ਕਵਰੇਜ ਕੀਤੀ ਗਈ। ਇਸ ਮੌਕੇ ਬਾਰਸੀਲੋਨਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਗਤਕਾ ਟੀਮ ਨੇ ਗਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਦਾ ਮਨ ਮੋਹ ਲਿਆ।
ਇਸ ਤੋਂ ਇਲਾਵਾ ਵੱਖ-ਵੱਖ ਸੇਵਾਦਾਰਾਂ ਅਤੇ ਸੇਵਾ ਸੁਸਾਇਟੀਆਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸਟਾਲ ਲਗਾਏ ਗਏ ਅਤੇ ਥਾਂ-ਥਾਂ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਅਤੇ ਨਿਮਰਤਾ ਨਾਲ ਨਿਭਾਈ ਗਈ। ਹਰ ਸੇਵਾਦਾਰ ਨੇ ਆਪਣੀ ਸਮਰੱਥਾ ਅਨੁਸਾਰ ਗੁਰੂ ਘਰ ਦੀ ਸੇਵਾ ਵਿੱਚ ਯੋਗਦਾਨ ਪਾਇਆ।
ਇਸ ਮੌਕੇ ਗੁਰੂ ਘਰ ਦੇ ਵਜ਼ੀਰ ਸਾਹਿਬ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਪਾਵਨ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਵਿਸ਼ੇਸ਼ ਤੌਰ ’ਤੇ ਸਾਰੇ ਸੇਵਾਦਾਰਾਂ, ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸੰਗਤਾਂ, ਸਟਾਲ ਲਗਾਉਣ ਵਾਲੇ ਵੀਰਾਂ ਅਤੇ ਭੈਣਾਂ, ਬਾਰਸੀਲੋਨਾ ਤੋਂ ਪਹੁੰਚੀ ਗਤਕਾ ਟੀਮ ਅਤੇ ਸਿੱਖ ਚੈਨਲ ਦੀ ਸਮੁੱਚੀ ਟੀਮ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਜਾਂਦਾ ਹੈ।
ਇਹ ਸਾਰਾ ਉਪਰਾਲਾ ਸਮੂਹ ਸੰਗਤਾਂ ਦੇ ਸਹਿਯੋਗ, ਪਿਆਰ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਸੰਭਵ ਹੋਇਆ ਹੈ।
ਆਓ, ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ।
ਵਾਹਿਗੁਰੂ ਜੀ ਸਭ ਸੰਗਤਾਂ ਨੂੰ ਚੜ੍ਹਦੀ ਕਲਾ, ਤੰਦਰੁਸਤੀ ਅਤੇ ਸੇਵਾ-ਸਿਮਰਨ ਦੀ ਦਾਤ ਬਖ਼ਸ਼ਣ।
ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਕੀ ਫਤਹਿ॥ 🙏
ਵੱਲੋਂ: ਗੁਰੂ ਘਰ ਦੇ ਵਜ਼ੀਰ ਸਾਹਿਬ ਅਤੇ ਸਮੂਹ ਪ੍ਰਬੰਧਕ ਕਮੇਟੀ।








