ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ॥
ਫਰੈਂਕਫਰਟ (ਜਰਮਨੀ), 27 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ।
ਇਸ ਪਾਵਨ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਬਲਜੀਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਭਾਈ ਬਲਜੀਤ ਸਿੰਘ ਜੀ, ਭਾਈ ਸੁਖਦੇਵ ਸਿੰਘ ਜੀ ਅਤੇ ਭਾਈ ਕੁਲਦੀਪ ਸਿੰਘ ਜੀ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੇ ਸਾਬਕਾ ਗ੍ਰੰਥੀ ਭਾਈ ਸਤਿ ਕਰਤਾਰ ਸਿੰਘ ਜੀ ਵੱਲੋਂ ਵੀ ਗੁਰਬਾਣੀ ਕੀਰਤਨ ਕੀਤਾ ਗਿਆ।
ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਰਹੀਆਂ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਬੜੇ ਪਿਆਰ ਅਤੇ ਸ਼ਰਧਾ ਨਾਲ ਗੁਰਬਾਣੀ ਸਰਵਣ ਕੀਤੀ।
ਇਸ ਮੌਕੇ ਵੱਖ-ਵੱਖ ਪਰਿਵਾਰਾਂ ਨੇ ਰਲ-ਮਿਲ ਕੇ ਗੁਰੂ ਕੇ ਲੰਗਰਾਂ ਦੀ ਸੇਵਾ ਨਿਭਾਈ। ਸੰਗਤਾਂ ਲਈ ਜੂਸ, ਲੱਸੀ ਅਤੇ ਦੁੱਧ ਦੀ ਸੇਵਾ ਵੀ ਕੀਤੀ ਗਈ। ਸੇਵਾਦਾਰਾਂ ਨੇ ਬੜੇ ਪਿਆਰ ਅਤੇ ਨਿਮਰਤਾ ਨਾਲ ਵੱਖ-ਵੱਖ ਸੇਵਾਵਾਂ ਨਿਭਾਈਆਂ।
ਗੁਰਦੁਆਰਾ ਸਾਹਿਬ ਦੇ ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ ਜੀ ਨੇ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਪਣੇ ਹੱਥੀਂ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਜੀ ਵੱਲੋਂ ਨਿਭਾਈ ਗਈ।
ਗੁਰੂ ਨਾਨਕ ਪਾਤਸ਼ਾਹ ਜੀ ਦਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਸਾਨੂੰ ਸਾਰਿਆਂ ਨੂੰ ਪਿਆਰ, ਸੇਵਾ ਅਤੇ ਆਪਸੀ ਭਾਈਚਾਰੇ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦਾ ਹੈ।
ਸਮੂਹ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ!








