ਜਰਮਨੀ 18 ਜੁਲਾਈ (ਖਿੜਿਆ ਪੰਜਾਬ) ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਬੱਬਰ ਖਾਲਸਾ ਜਰਮਨੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਨੇ ਰੋਜ਼ਾਨਾ ‘ਪਹਿਰੇਦਾਰ’ ਅਖ਼ਬਾਰ ਦੇ ਮੁੱਖ ਸੰਪਾਦਕ ਸਰਦਾਰ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਵੱਡੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਸਰਦਾਰ ਜਸਪਾਲ ਸਿੰਘ ਹੇਰਾਂ ਨੇ ਤਾਅ ਜ਼ਿੰਦਗੀ ਭਰ ਤੰਗੀਆਂ ਤੁਰਸ਼ੀਆਂ ਨਾਲ ਜੂਝਦਿਆਂ ਹੋਇਆ ਕਲਮ ਰਾਹੀਂ ਸਿੱਖ ਪੰਥ ਦੀ ਆਵਾਜ਼ ਨੂੰ ਬੁਲੰਦ ਰੱਖਿਆ। ਉਨ੍ਹਾਂ ਦਾ ਨਿਸ਼ਾਨਾ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਹੀ ਰਿਹਾ। ਲੰਬੇ ਸਮੇਂ ਦੀ ਬਿਮਾਰ ਦੌਰਾਨ ਸਿੱਖ ਪੰਥ ਦੇ ਹਰ ਮੁੱਦੇ ਨੂੰ ਬੇਬਾਕੀ ਨਾਲ ਆਪਣੀ ਕਲਮ ਨਾਲ ਉਭਾਰਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਸਰਦਾਰ ਹੇਰਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।