ਜਰਮਨੀ 19 ਅਗਸਤ (ਖਿੜਿਆ ਪੰਜਾਬ) 











ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ (ਜਰਮਨੀ) ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਣ ਅਤੇ ਗੁਰਮਤਿ ਦ੍ਰਿੜ ਕਰਵਾਉਣ ਲਈ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 15 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿੱਚ ਪਹਿਲੇ ਹਫ਼ਤੇ ਇੰਗਲੈਂਡ ਤੋਂ ਸਿੱਖ ਕੋਰਟ ਦੇ ਮਜਿਸਟ੍ਰੇਟ ਬਣੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ, ਪ੍ਰਚਾਰਕ , ਸਿੱਖ ਚਿੰਤਕ, ਵਿਦਵਾਨ ਗਿਆਨੀ ਨਿਰਮਲਜੀਤ ਸਿੰਘ ਜੀ ਇੰਗਲੈਂਡ ਵਾਲਿਆਂ ਨੇ ਕੈਂਪਰ ਵਿਦਿਆਰਥੀਆਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਿਆ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਸਾਂਝ ਪਾਈ। ਮਾਤਾ-ਪਿਤਾ ਅਤੇ ਸਮੂੰਹ ਸੰਗਤਾਂ ਦੇ ਵਿਸ਼ੇਸ਼ ਸੈਸ਼ਨ ਵਿੱਚ “ਸਫ਼ਲ ਜੀਵਨ ਜਾਂਚ” ਵਿਸ਼ੇ ਤੇ ਬਹੁਤ ਪ੍ਰਭਾਵਸ਼ਾਲੀ ਵੀਚਾਰਾਂ ਦੁਆਰਾ ਸਾਝ ਪਾਈ। ਦੂਜੇ ਹਫ਼ਤੇ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣੇ ਵਾਲਿਆਂ ਨੇ ਬੱਚਿਆਂ ਦੀ ਕਲਾਸਾਂ ਲਈਆਂ ਜਿੰਨ੍ਹਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਜਾਣਕਾਰੀ ਅਤੇ ਸਚਿਆਰ ਸਿੱਖ ਕਿਵੇਂ ਬਣੀਏ ਵਿਸ਼ਿਆਂ ਰਾਹੀਂ ਬੱਚਿਆਂ ਨਾਲ ਵੱਡਮੁਲੇ ਵਿਚਾਰ ਸਾਂਝੇ ਕੀਤੇ ਇਸਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬਾਨ ਭਾਈ ਗੁਰਨਿਸ਼ਾਨ ਸਿੰਘ ਪੱਟੀ, ਭਾਈ ਚਮਕੌਰ ਸਿੰਘ ਸਭਰਾ ਤੇ ਭਾਈ ਕੁਲਵਿੰਦਰ ਸਿੰਘ ਸਭਰਾ ਨੇ ਵੀ ਬੱਚਿਆਂ ਨੂੰ ਆਪਣੇ ਮਹਾਨ ਵਿਰਸੇ ਦੇ ਵਾਰਿਸ ਬਣਨ ਲਈ ਸਿੱਖ ਕੌਮ ਦੇ ਸੁਨਹਿਰੀ ਇਤਿਹਾਸ ਦੀ ਭਰਪੂਰ ਜਾਣਕਾਰੀ ਦਿੱਤੀ। ਕੈਂਪ ਦੇ ਅਖੀਰਲੇ ਦਿਨ ਸਾਰੇ ਕੈਂਪਰ ਵਿਦਿਆਰਥੀਆਂ ਦਾ ਲਿਖਤੀ ਅਤੇ ਓਰਲ ਇਮਤਿਹਾਨ ਲਿਆ ਗਿਆ ਅਤੇ ਬੱਚਿਆਂ ਦੇ ਕੁਇਜ਼ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਗੱਤਕਾ ਮੁਕਾਬਲੇ ਕਰਵਾਏ ਗਏ। ਅੱਜ ਦੇ ਹਫਤਾਵਰੀ ਦੀਵਾਨ ਵਿੱਚ ਕੈਂਪ ਦੀ ਸਮਾਪਤੀ ਅਤੇ ਇਨਾਮ ਵੰਡ ਸਮਾਗਮ ਕੀਤਾ ਗਿਆ, ਜਿਸ ਵਿੱਚ ਪਹਿਲਾਂ ਬੱਚਿਆਂ ਵੱਲੋਂ ਕਵਿਤਾਵਾਂ, ਕਵੀਸ਼ਰੀ , ਅਤੇ ਭਾਸਣ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ ਤੇ ਗ੍ਰੰਥੀ ਸਾਹਿਬਾਨਾਂ ਵੱਲੋਂ ਗੁਰਮਤਿ ਕੈਂਪ ਵਿੱਚ ਭਾਗ ਲੈਣ ਤੇ ਪਹਿਲੇ ਦੂਜੇ ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਸਟੇਜ ਦੀ ਸੇਵਾ ਹੀਰਾ ਸਿੰਘ ਮੱਤੇਵਾਲ ਨੇ ਨਿਭਾਈ ਤੇ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਬੱਚਿਆਂ ਤੇ ਕੈਂਪ ਵਿੱਚ ਲੈ ਕੇ ਆਉਣ ਵਾਲੇ ਮਾਤਾ ਪਿਤਾ ਦਾ ਧੰਨਵਾਦ ਕੀਤਾ ਇਸ ਦੇ ਨਾਲ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀ ਗੱਤਕਾ ਟੀਮ ਜੋ ਕਿ ਪਿੱਛਲੇ ਦਿਨੀ ਅਸਟਰੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਉਣ ਤੇ ਸਮੁੱਚੀ ਗੱਤਕਾ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









