ਮਾਛੀਵਾੜਾ ਸਾਹਿਬ 10 ਦਸੰਬਰ ( ਖਿੜਿਆ ਪੰਜਾਬ )- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ’ਤੇ ਕਤਲ ਤੇ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਉਨ੍ਹਾਂ ‘ਤੇ ਮਾਮਲਾ ਦਰਜ ਹੋਇਆ ਹੈ ਪਰ ਜਾਂਚ ਤੋਂ ਬਾਅਦ ਉਨ੍ਹਾਂ ’ਤੇ ਲੱਗੇ ਦੋਸ਼ ਬਿਲਕੁਲ ਝੂਠੇ ਸਾਬਿਤ ਹੋਣਗੇ।
ਉਨ੍ਹਾਂ ਕਿਹਾ ਕਿ 13 ਸਾਲ ਪਹਿਲਾਂ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਗੇਟ ਅੱਗੇ ਲੜਕੀ ਨੇ ਖੁਦਕੁਸ਼ੀ ਕੀਤੀ ਸੀ ਅਤੇ ਜਾਂਚ ਤੋਂ ਬਾਅਦ ਕੇਸ ਬਿਲਕੁਲ ਬੰਦ ਹੋ ਗਿਆ ਸੀ। ਉਸ ਸਮੇਂ ਪਰਿਵਾਰ ਨੇ ਕਿਹਾ ਸੀ ਕਿ ਅਸੀਂ ਕੋਈ ਕਾਰਵਾਈ ਨਹੀਂ ਕਰਵਾਉਣੀ ਪਰ ਹੁਣ ਉਹ ਮਾਣਯੋਗ ਹਾਈਕੋਰਟ ਵਿਚ ਗਏ ਹਨ, ਜਿਸ ’ਤੇ ਅਦਾਲਤ ਨੇ ਕਿਹਾ ਕਿ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਹੁਣ ਪਰਚਾ ਦਰਜ ਹੋਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਸਾਰੇ ਮਾਮਲੇ ਦੀ ਜਾਂਚ ਕਰੇਗਾ। ਬੇਸ਼ੱਕ ਪੁਲਸ ਗੁਰਦੁਆਰਾ ਸਾਹਿਬ ਆ ਕੇ ਜਾਂਚ ਕਰੇ ਤੇ ਇਸ ਮਾਮਲੇ ਸਬੰਧੀ ਜਿੱਥੇ ਵੀ ਮੈਨੂੰ ਬੁਲਾਇਆ ਜਾਵੇਗਾ ਮੈਂ ਜਾਵਾਂਗਾ ਅਤੇ ਜਾਂਚ ਵਿਚ ਗੁਰਦੁਆਰਾ ਪਰਮੇਸ਼ਵਰ ਦੁਆਰ ਦਾ ਸਮੂਹ ਜੱਥਾ ਵੀ ਸਹਿਯੋਗ ਦੇਵੇਗਾ।
ਭਾਈ ਰਣਜੀਤ ਸਿੰਘ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਰੱਤੀ ਭਰ ਵੀ ਕਸੂਰ ਨਹੀਂ ਨਿਕਲੇਗਾ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਵਿਚ ਕੋਈ ਵੀ ਬਲਾਤਕਾਰ ਸਬੰਧੀ ਗੱਲ ਨਹੀਂ ਆਈ ਸੀ, ਪਰ ਪਰਿਵਾਰ ਦੇ ਮਨ ਅੰਦਰ ਸ਼ੱਕ ਹੈ ਕਿ ਕਿਤੇ ਉਨ੍ਹਾਂ ਦੀ ਬੱਚੀ ਨਾਲ ਅਜਿਹੀ ਕੋਈ ਘਿਨੌਣੀ ਵਾਰਦਾਤ ਤਾਂ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਇਸ ਮਾਮਲੇ ਦੀ ਜਾਂਚ ਹੋਵੇ, ਪਰ ਹੈਰਾਨੀ ਜ਼ਰੂਰ ਹੈ ਕਿ ਉਨ੍ਹਾਂ ’ਤੇ ਇੱਕਦਮ ਪਰਚਾ ਦਰਜ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਕੁਝ ਦਿਨ ਜਾਂ ਕੁਝ ਮਹੀਨੇ ਇੰਤਜ਼ਾਰ ਕਰਨਾ ਪੈ ਸਕਦਾ ਹੈ, ਪਰ ਸੱਚ ਆਪਣੇ-ਆਪ ਸਾਹਮਣੇ ਆ ਜਾਵੇਗਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਤੇ ਪੁਲਸ ’ਤੇ ਪੂਰਾ ਭਰੋਸਾ ਹੈ ਅਤੇ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਸੱਚਾਈ ਸਾਹਮਣੇ ਆਵੇਗੀ ਅਤੇ ਅਸੀਂ ਬੇਕਸੂਰ ਸਾਬਿਤ ਹੋਵਾਂਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਜ਼ਾਬਤੇ ’ਚ ਰਹਿਣ ਤੇ ਆਪਣਾ ਮਨ ਬਿਲਕੁਲ ਸ਼ਾਂਤ ਰੱਖਣ ਅਤੇ ਕੁਝ ਦਿਨ ਬਾਅਦ ਸੱਚਾਈ ਸਾਹਮਣੇ ਆ ਜਾਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।