Home » ਸੰਸਾਰ » ਜਰਮਨੀ » ਵਰਲਡ ਸਿੱਖ ਪਾਰਲੀਮੈਂਟ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਹਮਲਾ ਕਰਨ ਦੀ ਨਿੰਦਾ

ਵਰਲਡ ਸਿੱਖ ਪਾਰਲੀਮੈਂਟ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਹਮਲਾ ਕਰਨ ਦੀ ਨਿੰਦਾ

SHARE ARTICLE

19 Views

ਜਰਮਨੀ 8 ਜਨਵਰੀ, 2024 – ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ,ਹਰਜੋਤ ਸਿੰਘ ਸੰਧੂ ਹਾਲੈਂਡ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਵੀ ਬਾਅਦ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮਨਾ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵੱਲੋਂ ਅੱਥਰੂ ਗੈਸ, ਲਾਠੀਚਾਰਜ ਕਰਕੇ ਬਹੁਤ ਸਾਰੇ ਸਿੱਖਾਂ ਨੂੰ ਜ਼ਖਮੀ ਕੀਤਾ ਗਿਆ ਅਤੇ ਮੋਰਚੇ ਦੇ ਪ੍ਰਮੁੱਖ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ। ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਨੂੰ ਬੇਰਹਿਮੀ ਨਾਲ ਦਬਾਉਣ ਲਈ ਸਖ਼ਤ ਨਿੰਦਾ ਕੀਤੀ ਹੈ।

ਪੰਜਾਬ ਪੁਲਿਸ ਵੱਲੋਂ ਮੋਹਾਲੀ ਵਿੱਚ ਲੱਗੇ ਮੋਰਚੇ ਉੱਤੇ ਵੀ ਹਮਲਾ ਕੀਤਾ ਗਿਆ ਅਤੇ ਜਿੱਥੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ ਉੱਥੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਜੋ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਘੋਰ ਨਿਰਾਦਰੀ ਨੂੰ ਦਰਸਾਉਂਦਾ ਹੈ। ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਲਾਠੀਚਾਰਜ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਜਿਹੀਆਂ ਕਾਰਵਾਈਆਂ ਕਰਕੇ ਸਰਕਾਰ ਵੱਲੋਂ ਸਿੱਖਾਂ ਉੱਤੇ ਸਿੱਧਾ ਹਮਲਾ ਕੀਤਾ ਹੈ ਤੇ ਇਹ ਕਾਰਵਾਈ ਸਰਕਾਰ ਦੇ ਸਿੱਖ ਵਿਰੋਧੀ ਅਤੇ ਤਾਨਾਸ਼ਾਹੀ ਪ੍ਰਵਿਰਤੀ ਨੂੰ ਉਜਾਗਰ ਕਰਦੀ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਕੀਤੀਆਂ ਗਈਆਂ ਕਾਰਵਾਈਆਂ ਗੈਰ-ਜਮਹੂਰੀ ਅਤੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਜਮਹੂਰੀਅਤ ਵਿੱਚ, ਹਰੇਕ ਵਿਅਕਤੀ ਅਤੇ ਭਾਈਚਾਰੇ ਨੂੰ ਜਬਰ ਜਾਂ ਹਿੰਸਾ ਦੇ ਡਰ ਤੋਂ ਬਿਨਾਂ ਵਿਰੋਧ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੰਦਾ ਹੈ । ਸਰਕਾਰ ਵੱਲੋਂ ਮਾਰਚ ਵਿੱਚ ਆਉਣ ਲਈ ਸਿੱਖਾਂ ਉੱਤੇ ਵੱਖ ਵੱਖ ਜਗ੍ਹਾ ਉੱਤੇ ਰੋਕਾਂ ਲਗਾ ਕੇ, ਪ੍ਰਦਰਸ਼ਨਕਾਰੀਆਂ ਨੂੰ ਲਾਠੀਚਾਰਜ, ਅੱਥਰੂ ਗੈਸ ਅਤੇ ਜ਼ੁਲਮ ਦਾ ਸਹਾਰਾ ਲੈ ਕੇ ਰੋਕਣ ਦੀ ਕੋਸ਼ਿਸ਼ ਇਸ ਸਰਕਾਰ ਦੀ ਤਾਨਾਸ਼ਾਹੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ ਅਤੇ ਲੋਕਤੰਤਰੀ ਸਿਧਾਂਤਾਂ ਦੀ ਸ਼ਰੇਆਮ ਉਲੰਘਣ ਹੈ ਜਿਸ ਦੀ ਜਿੰਨੀ ਨਿੰਦਾ ਕਤਿੀ ਜਾਵੇ ਥੋੜੀ ਹੈ ।

ਪਿਛਲੇ ਕੁਝ ਸਮੇਂ ਤੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਾਂ ਖਿਲਾਫ ਦਮਨਕਾਰੀ ਨੀਤੀਆਂ ਵਿੱਚ ਬਹੁਤ ਤੇਜ਼ੀ ਲਿਆਂਦੀ ਹੈ ਅਤੇ ਇਹ ਨੀਤੀਆਂ ਦਰਸਾਉਂਦੀਆਂ ਹਨ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਹਕੂਮਤਾਂ ਵਾਂਗ ਸਿੱਖਾਂ ਨੂੰ ਦਬਾਉਣ ਵਾਲੀ ਸੋਚ ਉਤੇ ਚੱਲ ਪਈ ਹੈ । ਪੀਲੀਭੀਤ ਦੇ ਦਰਦਨਾਕ ਝੂਠੇ ਮੁਕਾਬਲੇ ਤੋਂ ਲੈ ਕੇ ਜਿੱਥੇ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋਂ ਬੇਰਹਿਮੀ ਨਾਲ ਕਤਲ ਕਰਕੇ ਸਰਕਾਰੀ ਅੱਤਵਾਦ ਦਾ ਨਿਸ਼ਾਨਾ ਬਣਾਇਆ, ਉੱਥੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ‘ਤੇ ਚੱਲ ਰਹੇ ਦਮਨ ਤੱਕ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਆਪਣੇ ਹੱਕਾਂ ਲਈ ਆਵਾਜ਼ਾਂ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਿੱਖਾਂ ਨੂੰ ਗੈਰ ਜਮਹੂਰੀ ਤਰੀਕੇ ਨਾਲ ਦਬਾਉਣ ਲਈ ਬਜ਼ਿੱਦ ਹੈ ।

ਵਰਲਡ ਸਿੱਖ ਪਾਰਲੀਮੈਂਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਚੇਤਾਵਨੀ ਦਿੰਦੀ ਹੈ ਕਿ ਉਹ ਅਜਿਹੀਆਂ ਜ਼ਾਲਮ ਕਾਰਵਾਈਆਂ ਤੋਂ ਬਾਜ਼ ਆਉਣ । ਸਿੱਖਾਂ ਦਾ ਪੁਰਾਤਨ ਅਤੇ ਮੌਜੂਦਾ ਇਤਿਹਾਸ ਜ਼ੁਲਮ ਦੇ ਸਾਮ੍ਹਣੇ ਨਾ ਝੁਕਣ ਅਤੇ ਬਹਾਦਰੀ ਨਾਲ ਜ਼ੁਲਮ ਦਾ ਟਾਕਰਾ ਕਰਨ ਦੇ ਪ੍ਰਮਾਣਾਂ ਨਾਲ ਭਰਿਆ ਪਿਆ ਹੈ । ਆਪਣੇ ਵਿਰਸੇ ਤੋਂ ਪ੍ਰੇਰਨਾ ਲੈ ਕੇ ੳਸੀਂ ਚੁੱਪ ਨਹੀਂ ਬੈਠਾਂਗੇ ਤੇ ਆਪਣੇ ਹੱਕਾਂ ਅਤੇ ਅਤਪਣੇ ਸਵੈਮਾਣ ਲਈ ਸੰਘਰਸ਼ ਕਰਦੇ ਰਹਾਂਗੇ ਤੇ ਜ਼ੁਲਮ ਨੂੰ ਮਾਤ ਪਾਵਾਂਗੇ ।

ਅਸੀਂ ਅੰਤਰਰਾਸ਼ਟਰੀ ਭਾਈਚਾਰੇ, ਮਨੁੱਖੀ ਅਧਿਕਾਰ ਸੰਗਠਨਾਂ ਅਤੇ ਵਿਦੇਸ਼ ਵਸਦੇ ਸਿੱਖਾਂ ਨੂੰ ਵੀ ਸਿੱਖਾਂ ਦੀ ਹੱਕੀ ਅਵਾਜ਼ ਨੂੰ ਹਿੰਸਾ ਨਾਲ ਦਬਾਉਣ ਦੀਆਂ ਇਨ੍ਹਾਂ ਗੈਰ ਜਮਹੂਰੀ ਕਾਰਵਾਈਆਂ ਦੀ ਨਿੰਦਾ ਕਰਨ ਅਤੇ ਪੰਜਾਬ ਦੇ ਸਿੱਖਾਂ ਨਾਲ ਇਕਮੁੱਠਤਾ ਵਿੱਚ ਖੜ੍ਹੇ ਹੋਣ ਦਾ ਸੱਦਾ ਦਿੰਦੇ ਹਾਂ।

ਆਉਣ ਵਾਲੇ ਦਿਨਾਂ ਵਿੱਚ ਵਰਲਡ ਸਿੱਖ ਪਾਰਲੀਮੈਂਟ ਜਰਮਨੀ, ਯੂ ਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਭਾਰਤ ਸਰਕਾਰ ਵੱਲੋਂ ਸਿੱਖਾਂ ਉਤੇ ਹੋ ਰਹੇ ਜੁਲਮ ਖਿਲਾਫ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਬੰਦੀ ਸਿੰਘਾਂ ਦੀ ਰਹਾਈ ਲਈ ਅਵਾਜ਼ ਉਠਾਉਣ ਲਈ ਮੁਜ਼ਾਹਰੇ, ਲਾਬਿੰਗ ਅਤੇ ਹੋਰ ਪ੍ਰੋਗਰਾਮ ਉਲੀਕੇਗੀ ਜਿਸ ਵਿੱਚ ਅਸੀਂ ਸਮੂਹ ਅਜ਼ਾਦੀ ਪਸੰਦ ਸਿੱਖਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦੇ ਹਾਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News