ਅੰਮ੍ਰਿਤਸਰ, 5 ਮਾਰਚ
ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਜੰਡਿਆਲਾ ਹਲਕੇ ਦੇ ਪਿੰਡ ਦੇਵੀਦਾਸਪੁਰਾ ਵਿੱਚੋਂ 23 ਕਿਲੋ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ। ਇਸ ਦਾ ਖੁਲਾਸਾ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਡੀਜੀਪੀ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਸਬੰਧ ਅਮਰੀਕਾ ਅਧਾਰਤ ਤਸਕਰ ਜਸਮੀਤ ਸਿੰਘ ਉਰਫ ਲੱਕੀ ਨਾਲ ਜੁੜਿਆ ਹੋਇਆ ਹੈ। ਉਸ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਇਥੇ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਸਾਹਿਲਪ੍ਰੀਤ ਸਿੰਘ ਉਰਫ ਕਰਨ ਵਾਸੀ ਪਿੰਡ ਦੇਵੀਦਾਸਪੁਰਾ ਨੂੰ ਨਾਮਸ਼ਦ ਕੀਤਾ ਹੈ, ਜੋ ਕਿ ਫਿਲਹਾਲ ਭੱਜਿਆ ਹੋਇਆ ਹੈ। ਪੁਲੀਸ ਉਸ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦਿਹਾਤੀ ਪੁਲੀਸ ਨੂੰ ਇਸ ਸਬੰਧੀ ਸੂਹ ਮਿਲੀ ਸੀ ਜਿਸ ਦੇ ਆਧਾਰ ’ਤੇ ਐਸਐਸਪੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਉਸ ਦੇ ਘਰ ਵਿੱਚੋਂ 23 ਕਿਲੋ ਹੈਰੋਇਨ ਦੀ ਇਹ ਖੇਪ ਬਰਾਮਦ ਕੀਤੀ ਹੈ, ਜੋ ਉਸਨੇ ਘਰ ਵਿੱਚ ਲੁਕਾਈ ਹੋਈ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਅਮਰੀਕਾ ਵਿੱਚ ਬੈਠਾ ਇਹ ਤਸਕਰ ਜਸਮੀਤ ਸਿੰਘ ਉਰਫ ਲੱਕੀ ਸਰਹੱਦ ਪਾਰੋਂ ਇਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜਿਸ ਨੂੰ ਪ੍ਰਾਪਤ ਕਰਕੇ ਅਗਾਂਹ ਸਪਲਾਈ ਕਰਨ ਦਾ ਕੰਮ ਕਰਨ ਵੱਲੋਂ ਕੀਤਾ ਜਾ ਰਿਹਾ ਸੀ।
ਉਸ ਵੱਲੋਂ ਹੀ ਰਕਮ ਇਕੱਠੀ ਕਰਕੇ ਅਗਾਂਹ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।