ਅੰਮ੍ਰਿਤਸਰ, 6 ਜੂਨ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਦੇ ਸਾਹਮਣੇ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਸਮੁੱਚੀ ਸਿੱਖ ਕੌਮ ਨੂੰ ਇੱਕ ਨਿਸ਼ਾਨ ਹੇਠਾਂ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਸਿੱਖ ਪੰਥ ਨੂੰ ਇਕਜੁੱਟ ਹੋਣ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਿੱਖ ਬੰਦੀਆਂ ਦੀ ਰਿਹਾਈ, ਧਰਮ ਪਰਿਵਰਤਨ ਨੂੰ ਰੋਕਣਾ, ਨਸ਼ਿਆਂ ਨੂੰ ਠੱਲ੍ਹ ਪਾਉਣਾ, ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ, ਬਾਣੀ ਅਤੇ ਬਾਣੇ ਨਾਲ ਜੋੜਨਾ ਅਹਿਮ ਕਾਰਜ ਹਨ। ਅਜਿਹੇ ਵੱਡੇ ਕਾਰਜਾਂ ਲਈ ਸਿੱਖ ਕੌਮ ਨੂੰ ਆਪਸੀ ਮਤਭੇਦਾਂ ਨੂੰ ਇੱਕ ਪਾਸੇ ਰੱਖ ਕੇ ਇਕਜੁੱਟ ਹੋਣਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਅਰਦਾਸ ਮੌਕੇ ਹੀ ਆਪਣਾ ਸੰਦੇਸ਼ ਵੀ ਉਸ ਵਿੱਚ ਸ਼ਾਮਲ ਕਰ ਦਿੱਤਾ ਸੀ, ਜਿਸ ਵਿੱਚ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ’ਤੇ ਪੂਰਨ ਭਰੋਸਾ ਸੀ ਕਿ ਇਹ ਸਮਾਗਮ ਸ਼ਾਂਤੀ ਪੂਰਵਕ ਹੋਵੇਗਾ ਅਤੇ ਕੋਈ ਵੀ ਜਥੇਬੰਦੀ ਇਸ ਵਿੱਚ ਅੜਿੱਕਾ ਪੈਦਾ ਨਹੀਂ ਕਰੇਗੀ। ਗੁਰੂ ਦੇ ਭਰੋਸੇ ਮੁਤਾਬਕ ਹੀ ਸਾਰਾ ਸਮਾਗਮ ਸ਼ਾਂਤੀ ਪੂਰਵਕ ਨੇਪਰੇ ਚੜ੍ਹਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਭਵਿੱਖ ਵਿੱਚ ਉਨ੍ਹਾਂ ਦਾ ਵਿਰੋਧ ਕਰਨ ਵਾਲੀਆਂ ਜਥੇਬੰਦੀਆਂ ਵੀ ਉਨ੍ਹਾਂ ਨੂੰ ਮਾਨਤਾ ਦੇਣਗੀਆਂ ਅਤੇ ਸਿਰੋਪਾਓ ਵੀ ਭੇਟ ਕਰਨਗੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









