ਨਵੀਂ ਦਿੱਲੀ 6 ਜੂਨ (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਈਸਟ ਇੰਡੀਆ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬੀ ਕਲੋਨੀ (ਜਮਸ਼ੇਦਪੁਰ) ਦੀ ਸੰਗਤ ਨੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਅਰਦਾਸ ਕੀਤੀ ਗਈ। ਇਸ ਦੌਰਾਨ ਈਸਟ ਇੰਡੀਆ ਫੈਡਰੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਸਿੱਖ ਭਾਈਚਾਰਾ ਜੂਨ 1984 ਵਿੱਚ ਜ਼ਾਲਮ ਕੇਂਦਰੀ ਸਰਕਾਰ ਵੱਲੋਂ ਕੀਤੇ ਗਏ ਹਮਲੇ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਦਮਦਮੀ ਟਕਸਾਲ ਦੇ ਮੁੱਖੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਜੋ ਕਿ ਗੁਰਧਾਮਾਂ ਦੀ ਪਵਿੱਤਰਤਾ ਦੀ ਰਾਖੀ ਕਰਦਿਆਂ ਹਜ਼ਾਰਾਂ ਦੀ ਫੌਜ ਨਾਲ ਅਖੀਰਲੇ ਸੁਆਸਾਂ ਤਕ ਜੂਝਦੇ ਰਹੇ ਸਨ, ਸਮੇਤ ਹਜ਼ਾਰਾਂ ਨਿਰਦੋਸ਼ ਸਿੱਖ ਸ਼ਹੀਦ ਹੋਏ ਸਨ, ਜਿਨ੍ਹਾਂ ਨੂੰ ਸਿੱਖ ਭਾਈਚਾਰਾ ਹਮੇਸ਼ਾ ਯਾਦ ਰੱਖਦਾ ਹੈ ਤੇ ਇਹ ਕਹਿਰ ਕਦੇ ਨਹੀਂ ਭੁੱਲ ਸਕਦਾ ਹੈ । ਸਤਨਾਮ ਸਿੰਘ ਗੰਭੀਰ, ਮਨਦੀਪ ਸਿੰਘ ਸ਼ੈਂਕੀ, ਰੌਣਕ ਸਿੰਘ, ਸਚਦੇਵ, ਵਿਵੇਕ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਬ੍ਰਿਟਿਸ਼ ਸਰਕਾਰ ਨੇ 1984 ਦੇ ਫੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ ਜਾਰੀ ਕੀਤੇ ਹਨ, ਉਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਜੂਨ 1984 ਵਿੱਚ ਸਰਕਾਰ ਦੇ ਹੁਕਮਾਂ ‘ਤੇ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਗਏ ਹਮਲੇ ਦੇ ਅਧਿਕਾਰਤ ਦਸਤਾਵੇਜ਼ ਜਾਰੀ ਕਰਨੇ ਚਾਹੀਦੇ ਹਨ। ਇਸ ਦੌਰਾਨ ਜਸਪਾਲ ਸਿੰਘ ਛਾਬੜਾ ਨੇ ਕੀਰਤਨ ਗਾਇਆ ਅਤੇ ਵਿਵੇਕ ਸਿੰਘ ਨੇ ਕਥਾ ਸੁਣਾਈ ਅਤੇ ਸੰਗਤ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਘਟਨਾ ਤੋਂ ਜਾਣੂ ਕਰਵਾਇਆ। ਇਸ ਦੌਰਾਨ ਹਰਜੀਤ ਸਿੰਘ, ਮਨਜੀਤ ਸਿੰਘ, ਨਮਨਜੋਤ ਸਿੰਘ, ਅਮਰਜੀਤ ਸਿੰਘ, ਹੈਪੀ ਸਿੰਘ, ਪ੍ਰਦੀਪ ਸਿੰਘ ਮੌਜੂਦ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।