ਨਵੀਂ ਦਿੱਲੀ, 7 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਵਿਚ 250 ਗੁਰਮਤਿ ਕੈਂਪ ਲਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ ਹੈ । ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਰਮਸਰ ਨੇ ਦੱਸਿਆ ਕਿ ਇਸ ਵਾਰ 100 ਕੈਂਪ ਕੌਮੀ ਰਾਜਧਾਨੀ ਦਿੱਲੀ ਵਿਚ ਲਗਾਏ ਗਏ ਹਨ ਜਦੋਂ ਕਿ 150 ਕੈਂਪ ਭਾਰਤ ਦੇ ਹੋਰ ਹਿੱਸਿਆਂ ਵਿਚ ਲਗਾਏ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮਕਸਦ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਹੈ। ਇਹ ਕੈਂਪਾਂ ਵਿਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਵੀ ਸਿਖਾਈ ਜਾ ਰਹੀ ਹੈ। ਉਹਨਾਂ ਨੇ ਕੈਂਪਾਂ ਵਾਸਤੇ ਯੋਗਦਾਨ ਦੇਣ ਵਾਸਤੇ ਸਾਰੇ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਸਰਦਾਰ ਕਰਮਸਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦਾ ਸਿਮਰਨ ਕਰਨ ਵੇਲੇ ਹੌਲੀ ਹੌਲੀ ਪਾਠ ਪੜ੍ਹਿਆ ਕਰਨ। ਉਹਨਾਂ ਕਿਹਾ ਕਿ ਪਾਠ ਤੇਜ਼ ਤੇਜ਼ ਕਰਨ ਨਾਲੋਂ ਹੌਲੀ ਹੌਲੀ ਕਰਨ ਅਤੇ ਇਕੱਲੇ ਇਕੱਲੇ ਸ਼ਬਦ ਨਾਲ ਜੁੜਨ ਨਾਲ ਮਨ ਨੂੰ ਸ਼ਾਂਤੀ, ਠਰੰਮਾ ਤੇ ਰੂਹਾਨੀਅਤ ਤੇ ਸਕੂਨ ਮਿਲਦਾ ਹੈ। ਉਹਨਾਂ ਕਿਹਾ ਕਿ ਬੇਸ਼ੱਕ ਜ਼ਿੰਦਗੀ ਦੀ ਰਫਤਾਰ ਬਹੁਤ ਤੇਜ਼ ਹੋਈ ਹੈ ਪਰ ਮਨ ਨੂੰ ਸ਼ਾਂਤੀ ਤਾਂ ਹੀ ਮਿਲੇਗੀ ਜੇਕਰ ਅਸੀਂ ਮਨ ਨੂੰ ਪੂਰੀ ਤਰ੍ਹਾਂ ਗੁਰਬਾਣੀ ਨਾਲ ਜੋੜੀਏ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।