ਨਵੀਂ ਦਿੱਲੀ, 1 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਬਾਰੇ ਐਲਾਨ ਅੱਜ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਮੁਲਾਜ਼ਮਾਂ ਨਾਲ ਮੀਟਿੰਗ ਵਿਚ ਕੀਤਾ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਮੁਲਾਜ਼ਮ ਉਹਨਾਂ ਲਈ ਪਰਿਵਾਰ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹਿੰਦੀ ਹੈ। ਉਹਨਾਂ ਕਿਹਾ ਕਿ ਮੁਲਾਜ਼ਮ ਕਮੇਟੀ ਦੀ ਰੀੜ੍ਹ ਦੀ ਹੱਡੀ ਵਰਗੀ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਕਮੇਟੀ ਦੇ ਸਾਰੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਵਿਚ ਮੁਲਾਜ਼ਮਾਂ ਦੇ ਯੋਗਦਾਨ ਦੀ ਸ਼ਲਾਘਾ ਵਾਸਤੇ ਸ਼ਬਦ ਵੀ ਬਹੁਤ ਥੋੜ੍ਹੇ ਰਹਿ ਜਾਂਦੇ ਹਨ। ਉਹਨਾਂ ਕਿਹਾ ਕਿ ਕਮੇਟੀ ਨੇ ਹਮੇਸ਼ਾ ਮੁਲਾਜ਼ਮਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ ਤੇ ਹਮੇਸ਼ਾ ਰੱਖੇਗੀ। ਉਹਨਾਂ ਦੱਸਿਆ ਕਿ ਇਸ ਵਾਰ ਜਿਥੇ ਮੁਲਾਜ਼ਮਾਂ ਦੀਆਂ ਤਨਖਾਹਾਂ 31 ਤਾਰੀਕ ਨੂੰ ਰਿਲੀਜ਼ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੇਵਾ ਮੁਕਤ ਹੁੰਦੇ ਮੁਲਾਜ਼ਮਾਂ ਦੇ ਬਣਦੇ ਬਕਾਏ ਵੀ ਸਮੇਂ ਸਿਰ ਅਦਾ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਕਮੇਟੀ ਵੱਲੋਂ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮਹਾਨ ਦਿਵਸ ਨੂੰ ਸਮਰਪਿਤ ਵੱਡੇ ਸਮਾਗਮ ਆਯੋਜਿਤ ਹੋਣੇ ਹਨ ਜਿਹਨਾਂ ਨੂੰ ਪ੍ਰਵਾਨ ਚੜ੍ਹਾਉਣ ਵਿਚ ਕਮੇਟੀ ਮੁਲਾਜ਼ਮਾਂ ਦੀ ਭੂਮਿਕਾ ਸਭ ਤੋਂ ਅਹਿਮ ਰਹੇਗੀ। ਉਹਨਾਂ ਕਿਹਾ ਕਿ ਮੁਲਾਜ਼ਮ ਆਪਣੇ ਕੰਮ ਪ੍ਰਤੀ ਪੂਰੀ ਸੰਜੀਦਗੀ ਤੇ ਤਨਦੇਹੀ ਨਾਲ ਡਿਊਟੀਆਂ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਕਮੇਟੀ ਹਮੇਸ਼ਾ ਮੁਲਾਜ਼ਮਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।