ਨਵੀਂ ਦਿੱਲੀ, 2 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਉਸਨੂੰ ਵੱਡੇ ਭਰਾ ਦੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਤੇ ਗੁਰੂ ਸਾਹਿਬ ਤੇ ਉਹਨਾਂ ਦੇ ਨਾਲ ਤਿੰਨ ਅਨਿਨ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿਖੇ ਮਨਾਉਣ ਲਈ ਛੋਟੇ ਭਰਾ ਦਿੱਲੀ ਗੁਰਦੁਆਰਾ ਕਮੇਟੀ ਨੂੰ ਭਰਪੂਰ ਸਹਿਯੋਗ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਪੱਤਰ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਤਿੰਨ ਸ਼ਹੀਦਾਂ ਦੀ ਸ਼ਹਾਦਤ ਦਿੱਲੀ ਵਿਚ ਹੋਈ ਅਤੇ ਅੰਤਿਮ ਸਸਕਾਰ ਵੀ ਦਿੱਲੀ ਵਿਚ ਹੋਇਆ, ਇਸ ਵਾਸਤੇ ਇਹ ਪ੍ਰੋਗਰਾਮ ਦਿੱਲੀ ਵਿਚ ਮਨਾਉਣ ਦੀ ਜ਼ਿੰਮੇਵਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਣਦੀ ਹੈ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਪ੍ਰਧਾਨ ਧਾਮੀ ਨੂੰ ਚੇਤੇ ਕਰਵਾਇਆ ਕਿ ਸਾਲ 1999 ਵਿਚ ਖਾਲਸਾ ਪੰਥ ਦੇ ਤਿੰਨ ਸੌ ਸਾਲਾ ਸਾਜਨਾ ਦਿਵਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਗੁਰੂ ਅੰਗਦ ਦੇਵੇ ਜੀ ਦਾ 400 ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ, ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਅਤੇ 2008 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ 300 ਸਾਲਾ ਸਮਾਗਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਗਿਆ। ਉਹਨਾਂ ਕਿਹਾ ਕਿ ਇਹਨਾਂ ਸਾਰੇ ਸਮਾਗਮਾਂ ਵਿਚ ਪੰਥ ਦੀਆਂ ਸਾਰੀਆਂ ਜਥੇਬੰਦੀਆਂ ਦੇ ਵੱਧ ਚੜ੍ਹ ਕੇ ਸਹਿਯੋਗ ਦਿੱਤਾ। ਉਹਨਾਂ ਕਿਹਾ ਕਿ ਇਹ ਰਵਾਇਤ ਪਹਿਲਾਂ ਤੋਂ ਚਲਦੀ ਆ ਰਹੀ ਹੈ ਕਿ ਸ਼ਤਾਬਦੀ ਜਾਂ ਅਰਧ ਸ਼ਤਾਬਦੀ ਸਮਾਗਮਾਂ ਨੂੰ ਸਮੁੱਚੀ ਕੌਮ ਅਤੇ ਪੰਥਕ ਜਥੇਬੰਦੀਆਂ ਮਿਲ ਕੇ ਸਬੰਧਤ ਅਸਥਾਨ ’ਤੇ ਮਨਾਉਂਦੀਆਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਵਾਰ ਵੱਖ-ਵੱਖ ਪ੍ਰੋਗਰਾਮਾਂ ਦੀ ਨਵੀਂ ਪਿਰਤ ਨਾ ਪਾਈ ਜਾਵੇ। ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਵੀ ਚੇਤੇ ਕਰਵਾਇਆ ਕਿ 2 ਅਪ੍ਰੈਲ ਨੂੰ ਇਕ ਅਹਿਮ ਇਕੱਤਰਤਾ ਕਾਨਫਰੰਸ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਸੀ ਜਿਸ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ, ਹਰਿਆਣਾ ਕਮੇਟੀ ਤੋਂ ਸਰਦਾਰ ਭੁਪਿੰਦਰ ਸਿੰਘ ਅਸੰਧ, ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਸਰਬਜੀਤ ਸਿੰਘ ਅਤੇ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ ਸਨ ਜਿਸ ਵਿਚ ਫੈਸਲਾ ਲਿਆ ਗਿਆ ਸੀ ਕਿ ਦਿੱਲੀ ਵਿਖੇ ਇਕਜੁੱਟ ਹੋ ਕੇ ਸਮਾਗਮ ਕੀਤੇ ਜਾਣ। ਉਹਨਾਂ ਨੇ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਕਮੇਟੀ ਵੱਡੇ ਭਰਾ ਦੀ ਭੂਮਿਕਾ ਨਿਭਾਉਂਦੇ ਹੋਏ ਇਹ ਸਮਾਗਮ ਦਿੱਲੀ ਵਿਚ ਕਰਨ ਦੇ ਮਾਮਲੇ ਵਿਚ ਪਹਿਲ ਕਰੇ ਅਤੇ ਦਿੱਲੀ ਗੁਰਦੁਆਰਾ ਕਮੇਟੀ ਛੋਟੇ ਭਰਾ ਦੀ ਭੂਮਿਕਾ ਨਿਭਾਉਂਦੇ ਹੋਏ ਪ੍ਰੋਗਰਾਮਾਂ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇਗਾ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।