ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ
ਅੰਮ੍ਰਿਤਸਰ, 4 ਅਗਸਤ-(ਗੁਰਪ੍ਰੀਤ ਸਿੰਘ ਸੈਡੀ)
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਕਰਵਾਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਲੋੜ ਅਨੁਸਾਰ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਣ ਇਸ ਲਈ ਦਫਤਰ ਦੀ ਜ਼ਰੂਰਤ ਸੀ, ਜਿਸ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿੱਚ ਵੱਡੀਆਂ ਸੇਵਾਵਾਂ ਨਿਭਾ ਰਹੇ ਹਨ, ਉਥੇ ਗੁਰੂ-ਘਰ ਦੀਆਂ ਸੇਵਾਵਾਂ ਵਿੱਚ ਵੀ ਵੱਡਾ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਇਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ ਕਈ ਸੇਵਾਵਾਂ ਕੀਤੀਆਂ ਹਨ। ਉਨ੍ਹਾਂ ਭਾਈ ਗੁਰਇਕਬਾਲ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।