ਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):-
ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ। ਵਫ਼ਦ ਨੇ ਐਡਵੋਕੇਟ ਧਾਮੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸੰਸਥਾ ਵੱਲੋਂ ਸਹਿਯੋਗ ਦੀ ਅਪੀਲ ਕੀਤੀ।
ਇਸ ਵਫ਼ਦ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸਿੱਖ ਆਗੂ ਸ. ਜਸਬੀਰ ਸਿੰਘ ਧਾਮ ਮੁੰਬਈ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਸ. ਗੁਰਵਿੰਦਰ ਸਿੰਘ ਮੌਜੂਦ ਸਨ। ਮੁਲਾਕਾਤ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਝਾੜਖੰਡ, ਬੰਗਾਲ, ਕਲਕੱਤਾ, ਆਸਣਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉਤਰਾਖੰਡ, ਦਿੱਲੀ ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅੱਜ ਉਹ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਜਿਥੇ ਸ਼ਮੂਲੀਅਤ ਲਈ ਬੇਨਤੀ ਕਰਨ ਆਏ ਹਨ, ਉਥੇ ਹੀ ਉਨ੍ਹਾਂ ਨੇ ਸਿੱਖ ਸੰਸਥਾ ਵੱਲੋਂ ਸਹਿਯੋਗ ਲਈ ਵੀ ਅਪੀਲ ਕੀਤੀ ਹੈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਹਰ ਤਰ੍ਹਾਂ ਦੇਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਰਣਜੀਤ ਸਿੰਘ ਜਲੰਧਰ ਸਮੇਤ ਹੋਰ ਮੌਜੂਦ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।