ਨਵੀਂ ਦਿੱਲੀ, 11 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਅਕਤੂਬਰ ਮਹੀਨੇ ਵਿਚ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਿੱਖ ਧਰਮ ਦੇ ਨਾਲ-ਨਾਲ ਵੱਖ ਧਰਮਾਂ ਤੋਂ ਧਰਮ ਗੁਰੂ ਪ੍ਰੋਗਰਾਮ ਵਿਚ ਸ਼ਮੂਲੀਅਤ ਕਰ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਆਪੋ ਆਪਣੇ ਵਿਚਾਰ ਪ੍ਰਗਟ ਕਰਨਗੇ। ਇਹ ਜਾਣਕਾਰੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਾਸਤੇ ਉਹਨਾਂ ਨੇ ਅੱਜ ਬੰਗਲੌਰ ਵਿਚ ਪੰਡਤ ਸ੍ਰੀ ਸ੍ਰੀ ਰਵੀਸ਼ੰਕਰ ਅਤੇ ਆਚਰਆ ਲੋਕੇਸ਼ ਮੁਨਿ ਨੂੰ ਸੱਦਾ ਪੱਤਰ ਦਿੱਤਾ ਹੈ ਜੋ ਉਹਨਾਂ ਦੇ ਖਿੜੇ ਮੱਥੇ ਪ੍ਰਵਾਨ ਕੀਤਾ ਹੈ ਤੇ ਭਰੋਸਾ ਦੁਆਇਆ ਹੈ ਕਿ ਉਹ ਪ੍ਰੋਗਰਾਮ ਵਿਚ ਜ਼ਰੂਰ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਮੰਡਪ ਹਾਲ ਪ੍ਰਗਤੀ ਮੈਦਾਨ ਵਿਚ ਹੋਵੇਗਾ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਧਾਰਮਿਕ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਜਦੋਂ ਦੂਜੇ ਧਰਮਾਂ ਦੇ ਧਰਮ ਗੁਰੂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਮਹੱਤਵ ਤੇ ਉਹਨਾਂ ਦੇ ਯੋਗਦਾਨ ਬਾਰੇ ਚਰਚਾ ਕਰਨਗੇ ਤਾਂ ਇਸਦਾ ਸੰਦੇਸ਼ ਘਰ-ਘਰ ਪਹੁੰਚਾਉਣ ਵਿਚ ਬਹੁਤ ਵੱਡੀ ਮਦਦ ਮਿਲੇਗੀ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਆਪਣੇ ਆਪ ਵਿਚ ਬਹੁਤ ਨਿਵੇਕਲਾ ਹੋਵੇਗਾ ਤੇ ਇਸਦੀ ਸਫਲਤਾ ਵਾਸਤੇ ਕਮੇਟੀ ਦੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।