ਨਵੀਂ ਦਿੱਲੀ, 17 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਅਤੇ ਪਰਬੰਧਕ ਕਮੇਟੀ ਵਿਚਲੇ ਪਿਛਲੇ 3 ਸਾਲ ਤੋਂ ਚੱਲ ਰਹੇ ਵਿਵਾਦ ‘ਤੇ ਹੁਣ ਪੂਰੀ ਤਰ੍ਹਾਂ ਵਿਰਾਮ ਲੱਗ ਗਿਆ ਅਤੇ ਦੋਹਾਂ ਪੱਖਾਂ ਵੱਲੋਂ ਆਪਸੀ ਸੋਹਰਦ ਨਾਲ ਮੀਟਿੰਗ ਕੀਤੀ ਗਈ। ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਵਿੱਚ ਉਸ ਸਮੇਂ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਵੱਲੋਂ ਕੁਝ ਕਾਰਨਾਂ ਕਰਕੇ ਜਥੇਦਾਰ ਰਣਜੀਤ ਸਿੰਘ ਗੌਹਰ ਦੀ ਸੇਵਾਵਾਂ ‘ਤੇ ਰੋਕ ਲਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਰਣਜੀਤ ਸਿੰਘ ਗੌਹਰ ਨੇ ਮਾਨਯੋਗ ਕੋਰਟ ਵਿੱਚ ਮਾਮਲਾ ਦਰਜ ਕਰਵਾਇਆ ਸੀ। ਜਿਸ ‘ਤੇ ਸਿੱਖ ਪੰਥ ਦੀ ਸਰਵੋਚ ਅਦਾਲਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਸਮੇਤ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਬਕਾਇਆ ਦੇ ਕੇ ਇੱਜ਼ਤਦਾਰ ਵਿਦਾਈ ਦਿੱਤੀ ਜਾਵੇ। ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਵੱਲੋਂ ਦੋਹਾਂ ਪੱਖਾਂ ਵਿਚ ਸਹਿਮਤੀ ਬਣਵਾਉਣ ਲਈ ਕੀਤੇ ਗਏ ਯਤਨਾਂ ਮਗਰੋਂ ਅੱਜ ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਪਰਬੰਧਕ ਕਮੇਟੀ ਵੱਲੋਂ ਬਕਾਇਆ ਰਕਮ ਦੇ ਕੇ ਇੱਜ਼ਤਦਾਰ ਢੰਗ ਨਾਲ ਵਿਦਾਈ ਦਿੱਤੀ ਗਈ। ਮੀਟਿੰਗ ਵਿੱਚ ਪ੍ਰਧਾਨ ਜਗਜੋਤ ਸਿੰਘ ਸੋਹੀ ਤੋਂ ਇਲਾਵਾ ਮਹਾਸਚਿਵ ਇੰਦਰਜੀਤ ਸਿੰਘ, ਸਚਿਵ ਹਰਬੰਸ ਸਿੰਘ, ਸਕੱਤਰ ਗੁਰਵਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਜੌਹਲ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਮੌਜੂਦ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।