ਸ. ਲਾਲਜੀਤ ਸਿੰਘ ਭੁੱਲਰ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ ਤੌਰ ‘ਤੇ ਪਹੁੰਚੇ
ਦਰਿਆਈ ਪਾਣੀਆਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ
ਕੈਬਨਿਟ ਮੰਤਰੀ ਵੱਲੋਂ ਸਤਲੁਜ ਦੇ ਹਥਾੜ ਖੇਤਰ ਵਿੱਚ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਵੰਡੀ ਗਈ ਰਾਹਤ ਸਮੱਗਰੀ
ਤਰਨ ਤਾਰਨ 28 ਅਗਸਤ (ਗੁਰਪ੍ਰੀਤ ਸਿੰਘ ਸੈਡੀ)
ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਵਿੱਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ ਤੌਰ ‘ਤੇ ਪਹੁੰਚੇ।ਕੈਬਨਿਟ ਮੰਤਰੀ ਵੱਲੋਂ ਸਤਲੁਜ ਦੇ ਹਥਾੜ ਖੇਤਰ ਵਿੱਚ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ ਗਈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਹਲਕਾ ਪੱਟੀ ਦੇ ਪਿੰਡ ਭਾਊਵਾਲ, ਪਾਰਲੇ ਜੱਲੋਕੇ, ਜੱਲੋਕੇ, ਕੋਟ ਬੁੱਢਾ, ਗਦਾਈਕੇ, ਝੁੱਗੀਆਂ ਨੱਥਾ ਸਿੰਘ, ਰਾਦਲਕੇ ਅਤੇ ਮੁੱਠਿਆਵਾਲਾ ਆਦਿ ਵਿਖੇੇ ਦਰਿਆਈ ਪਾਣੀਆਂ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦਰਿਆਈ ਪਾਣੀ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਮੱਦਦ ਲਈ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਚਨਬੱਧ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ ਪੀਣ ਅਤੇ ਪਸ਼ੂਆਂ ਦੇ ਚਾਰੇ ਆਦਿ ਲਈ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਦਰਿਆ ਬਿਆਸ ਤੇ ਸਤਲੁਜ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਹਰੀਕੇ ਤੋਂ ਨਿਵਾਣ ਵਾਲੇ ਪਾਸੇ ਦਰਿਆ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਦੀ ਮਾਰ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।
ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਘੜੀ ਮੌਕੇ ਪੰਜਾਬ ਸਰਕਾਰ ਰਾਜ ਦੇ ਲੋਕਾਂ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।
————–

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।