ਨਵੀਂ ਦਿੱਲੀ 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਵਿਸ਼ੇਸ਼ ਤੌਰ ਤੇ ਦੋ ਦਿਨ ਗੁਰੂਦੁਆਰਾ ਰਾਮਗੜ੍ਹੀਆ ਸ਼ਿਵ ਨਗਰ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖ਼ੇ ਦੀਵਾਨ ਸਜਾਏ ਗਏ । ਇਸ ਬਾਰੇ ਜਾਣਕਾਰੀ ਦੇਂਦਿਆ ਸਰਦਾਰ ਪਰਮਜੀਤ ਸਿੰਘ ਵੀਰਜੀ ਮੁੱਖੀ ਗੁਰੂਬਾਣੀ ਰਿਸਰਚ ਫਾਉਂਡੇਸ਼ਨ, ਸਾਬਕਾ ਕੋ ਚੇਅਰਮੈਨ ਦਿੱਲੀ ਗੁਰਦੁਆਰਾ ਕਮੇਟੀ ਧਰਮ ਪ੍ਰਚਾਰ ਵਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਨੇ ਦਸਿਆ ਕਿ ਦੋ ਦਿਨ ਦੇ ਸਜਾਏ ਗਏ ਵਿਸ਼ੇਸ਼ ਗੁਰਬਾਣੀ ਦੀਵਾਨਾ ਵਿਚ ਉਚੇਚੇ ਤੌਰ ਤੇ ਭਾਈ ਜਗਪ੍ਰੀਤ ਸਿੰਘ ਖੰਨੇ ਵਾਲੇ ਸਿੰਘ ਅਤੇ ਭਾਈ ਗੁਰਮੀਤ ਸਿੰਘ ਸ਼ਾਂਤ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਵੈਰਾਗਮਈ ਬਾਣੀ ਨਾਲ ਜੋੜਿਆ ਸੀ । ਉਨ੍ਹਾਂ ਦਸਿਆ ਕਿ ਭਾਈ ਗੁਰਮੀਤ ਸਿੰਘ ਸ਼ਾਂਤ ਵਲੋਂ ਗਾਇਨ ਕੀਤੇ ਗਏ ਸਲੋਕ ਮਹੱਲਾ ਨੌਵੇਂ ਅਤੇ ਹੋਰ ਸ਼ਬਦਾਂ ਨੂੰ ਇੰਨੇ ਸੁਚੱਜੇ ਤਰੀਕੇ ਨਾਲ ਪੜਿਆ ਗਿਆ ਕਿ ਸੰਗਤ ਉਨ੍ਹਾਂ ਦੇ ਰੰਗ ਵਿਚ ਰੰਗੀ ਗਈ ਸੀ । ਉਨ੍ਹਾਂ ਦਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਗਿਆਨੀ ਜੋਤਇੰਦਰ ਸਿੰਘ ਜੀ ਨੇ ਹਾਜ਼ਿਰੀ ਭਰ ਕੇ ਸੰਗਤਾਂ ਦਾ ਉਤਸ਼ਾਹ ਵਧਾਇਆ ਸੀ । ਇਸ ਮੌਕੇ ਜੱਥੇਦਾਰ ਗਿਆਨੀ ਜੋਤਇੰਦਰ ਸਿੰਘ ਜੀ ਅਤੇ ਕੀਰਤਨੀ ਸਿੰਘਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਸੀ । ਵੀਰ ਜੀ ਨੇ ਪ੍ਰੋਗਰਾਮ ਵਿਚ ਸਹਿਯੋਗ ਦੇਣ ਵਾਲੀ ਪ੍ਰਬੰਧਕ ਕਮੇਟੀ ਅਤੇ ਹੋਰ ਸੱਜਣਾ ਦਾ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਅੱਗੇ ਵੀਂ ਉਨ੍ਹਾਂ ਵਲੋਂ ਇਸੇ ਤਰ੍ਹਾਂ ਸਤਿਕਾਰ ਅਤੇ ਸਹਿਯੋਗ ਮਿਲਦਾ ਰਹੇਗਾ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









