ਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਅਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭਲਕੇ 29 ਅਕਤੂਬਰ ਨੂੰ ਪੰਜਾਬ ਪੁੱਜੇਗਾ। ਨਗਰ ਕੀਰਤਨ ਦੇ ਪ੍ਰਬੰਧਾਂ ਦੀ ਤਿਆਰੀ ਲਈ ਅੱਜ ਸਮੀਖਿਆ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਸਾਹਿਬਾਨ ਅਤੇ ਮਾਲਵਾ ਜੋਨ ਦੇ ਪ੍ਰਚਾਰਕ ਢਾਡੀ ਅਤੇ ਕਵੀਸ਼ਰ ਸਿੰਘਾਂ ਤੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਭਲਕੇ 29 ਅਕਤੂਬਰ 2025 ਨੂੰ ਕੈਂਥਲ ਹਰਿਆਣਾ ਤੋਂ ਚਲ ਕੇ ਪੰਜਾਬ ਵਿੱਚ ਦਾਖਲ ਹੋਵੇਗਾ ਅਤੇ ਰਾਤ ਦਾ ਪੜਾਅ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਵੇਗਾ। 30 ਅਕਤੂਬਰ ਨੂੰ ਇਹ ਨਗਰ ਕੀਰਤਨ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਿਆਇਆ, ਬਰਨਾਲਾ, 31 ਅਕਤੂਬਰ ਨੂੰ ਬਰਨਾਲਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, 1 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਮੁਕਤਸਰ ਸਾਹਿਬ, 2 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਖ਼ਾਲਸਾ ਦੀਵਾਨ, ਫਰੀਦਕੋਟ ਅਤੇ 3 ਨਵੰਬਰ ਨੂੰ ਫਰੀਦਕੋਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਪੁੱਜੇਗਾ। ਇਸੇ ਤਰ੍ਹਾਂ 4 ਨਵੰਬਰ ਨੂੰ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, 5 ਨਵੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ, 6 ਨਵੰਬਰ ਨੂੰ ਤਰਨ ਤਾਰਨ ਤੋਂ ਗੁਰਦੁਆਰਾ ਪਾ: ਛੇਵੀਂ, ਛੇਹਰਟਾ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੁੰਦਾ ਹੋਇਆ 7 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਹ ਨਗਰ ਕੀਰਤਨ ਵੱਖ ਵੱਖ ਜਿ਼ਿਲ੍ਹਿਆਂ ਤੋਂ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਵਿੱਚ ਵੱਡਾ ਉਤਸ਼ਾਹ ਹੈ ਅਤੇ ਵੱਖ ਵੱਖ ਪੜਾਵਾਂ ਤੇ ਸੰਗਤ ਨੇ ਭਰਵੇਂ ਸਵਾਗਤ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਸੰਗਤਾਂ ਨੂੰ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਕੱਤਰਤਾ ਵਿੱਚ ਜਥੇਦਾਰ ਗਿਆਨੀ ਟੇਕ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ, ਸ. ਅਮਰੀਕ ਸਿੰਘ, ਸ. ਨਿਰਮਲ ਸਿੰਘ, ਸ. ਨਿਰਮਲਜੀਤ ਸਿੰਘ, ਸ. ਰਜਿੰਦਰ ਸਿੰਘ, ਸ. ਗੁਰਸੇਵਕ ਸਿੰਘ, ਸ. ਇੰਦਰਜੀਤ ਸਿੰਘ, ਸ. ਜਗਦੇਵ ਸਿੰਘ, ਸ. ਭਾਗ ਸਿੰਘ, ਸ. ਹਰਭਗਵਾਨ ਸਿੰਘ, ਸ. ਰਾਜਪਾਲ ਸਿੰਘ, ਸ. ਬਲਕਾਰ ਸਿੰਘ, ਸ. ਇੰਦਰਜੀਤ ਸਿੰਘ, ਸ. ਜਗਜੀਤ ਸਿੰਘ ਸਮੇਤ ਪ੍ਰਚਾਰਕ ਢਾਡੀ ਤੇ ਕਵੀਸ਼ਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









