ਅੰਮ੍ਰਿਤਸਰ, 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਸਮੇਂ ਦੀ ਭਾਰਤੀ ਹਕੂਮਤ ਵੱਲੋਂ 1984 ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









