ਨਵੀਂ ਦਿੱਲੀ, 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਵੱਲੋਂ ਗੁਰੂ ਤੇਗ ਬਹਾਦੁਰ ਜੀ ਮਹਾਰਾਜ ਦਾ 350ਵਾਂ ਸ਼ਹੀਦੀ ਦਿਵਸ ਸਰਕਾਰੀ ਪੱਧਰ ’ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਨਿਮੰਤਰਣ ਪੱਤਰ ਭੇਜਿਆ ਗਿਆ ਹੈ। ਹਰਿਆਣਾ ਸਰਕਾਰ ਵਿੱਚ ਮੰਤਰੀ ਕਿਸ਼ਨ ਬੇਦੀ ਅੱਜ ਤਖ਼ਤ ਪਟਨਾ ਸਾਹਿਬ ਪਹੁੰਚੇ ਅਤੇ ਉਨ੍ਹਾਂ ਨੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ ਸਮੇਤ ਪੂਰੀ ਕਮੇਟੀ ਨੂੰ ਹਰਿਆਣਾ ਸਰਕਾਰ ਵੱਲੋਂ 25 ਨਵੰਬਰ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਵਿਚ ਭਾਗ ਲੈਣ ਲਈ ਨਿਮੰਤਰਣ ਪੱਤਰ ਸੌਂਪਿਆ। ਸ੍ਰੀ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਲਈ ਇਹ ਗੌਰਵ ਦੀ ਗੱਲ ਹੈ ਕਿ ਗੁਰੂ ਤੇਗ ਬਹਾਦੁਰ ਜੀ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਕੇਂਦਰ ਸਰਕਾਰ ਦੇ ਨਾਲ-ਨਾਲ ਰਾਜ ਸਰਕਾਰਾਂ ਵੱਲੋਂ ਵੀ ਸਰਕਾਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਨਾਲ ਨਿਸ਼ਚਤ ਤੌਰ ’ਤੇ ਉਹ ਲੋਕ ਜੋ ਅਜੇ ਵੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਤੋਂ ਅਗਿਆਨ ਹਨ, ਉਹਨਾਂ ਨੂੰ ਇਹ ਜਾਣਕਾਰੀ ਮਿਲੇਗੀ ਕਿ ਗੁਰੂ ਤੇਗ ਬਹਾਦੁਰ ਜੀ ਨੇ ਆਪਣੀ ਸ਼ਹਾਦਤ ਕਿਉਂ ਅਤੇ ਕਿਸ ਲਈ ਦਿੱਤੀ। ਉਨ੍ਹਾਂ ਕਿਹਾ ਕਿ ਦਰਅਸਲ ਗੁਰੂ ਜੀ ਦੀ ਸ਼ਹਾਦਤ ਦੀ ਕੋਈ ਹੋਰ ਮਿਸਾਲ ਇਤਿਹਾਸ ਵਿੱਚ ਨਾ ਤਾਂ ਪਹਿਲਾਂ ਹੋਈ ਹੈ ਤੇ ਨਾ ਹੀ ਕਦੇ ਹੋ ਸਕਦੀ ਹੈ। ਇਸ ਲਈ ਸਾਰੇ ਦਾ ਫ਼ਰਜ਼ ਹੈ ਕਿ ਗੁਰੂ ਜੀ ਦੀ ਸ਼ਹਾਦਤ ਦੇ 350ਵੇਂ ਦਿਵਸ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਬਿਹਾਰ ਸਰਕਾਰ ਨਾਲ ਮਿਲਕੇ ਇੱਕ ਸ਼ਹੀਦੀ ਜਾਗਰਤੀ ਯਾਤਰਾ ਕੱਢੀ ਸੀ ਜਿਸ ਦਾ ਸਮਾਪਨ ਹਾਲ ਹੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਇਆ। ਇਸੇ ਤਰ੍ਹਾਂ ਸਰਵ ਧਰਮ ਸੰਮੇਲਨ ਵੀ ਕਰਵਾਇਆ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਰੂ ਜੀ ਦੀ ਸ਼ਹਾਦਤ ਨੂੰ ਕੇਂਦਰ ਵਿੱਚ ਰੱਖਦਿਆਂ ਹੋਰ ਕਈ ਸਮਾਗਮ ਕਰਵਾਏ ਜਾਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









