ਫਰੈਂਕਫੋਰਟ (ਜਰਮਨੀ), 30 ਦਸੰਬਰ 2025 (ਹੀਰਾ ਸਿੰਘ ਫਰੈਂਕਫੋਰਟ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਾਦੇ ਪਰ ਭਾਵਪੂਰਣ ਸਮਾਗਮ ਦੌਰਾਨ ਗ੍ਰੰਥੀ ਸਿੰਘ ਭਾਈ ਚਮਕੌਰ ਸਿੰਘ ਜੀ ਨੂੰ ਬੜੇ ਪਿਆਰ ਅਤੇ ਸਤਿਕਾਰ ਨਾਲ ਵਿਦਾਇਗੀ ਦਿੱਤੀ ਗਈ। ਭਾਈ ਚਮਕੌਰ ਸਿੰਘ ਨੇ ਅੱਠ ਸਾਲ ਤੋਂ ਵੱਧ ਸਮੇਂ ਤੱਕ ਗੁਰਦੁਆਰਾ ਸਾਹਿਬ ਵਿੱਚ ਨਿਸ਼ਕਾਮ ਭਾਵ ਨਾਲ ਸੇਵਾ ਨਿਭਾਈ।
ਵਿਦਾਇਗੀ ਸਮਾਰੋਹ ਦੌਰਾਨ ਮੁੱਖ ਸੇਵਾਦਾਰ ਭਾਈ ਅਨੂਪ ਸਿੰਘ ਹੋਰਾਂ ਨੇ ਹੈਡ ਗ੍ਰੰਥੀ ਭਾਈ ਚਮਕੌਰ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਕੀਤੇ ਗਏ ਕਾਰਜਾਂ ਅਤੇ ਉਨ੍ਹਾਂ ਦੀ ਲੰਮੀ, ਸਮਰਪਿਤ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਈ ਚਮਕੌਰ ਸਿੰਘ ਸਭਰਾ ਨੇ ਹਮੇਸ਼ਾਂ ਗੁਰੂ ਘਰ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਸਾਧ ਸੰਗਤ ਨਾਲ ਪਿਆਰ ਅਤੇ ਨਿਮਰਤਾ ਨਾਲ ਸੇਵਾ ਨਿਭਾਈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨੇ ਭਾਈ ਚਮਕੌਰ ਸਿੰਘ ਸਭਰਾ ਦੀ ਨਿਸ਼ਕਾਮ ਸੇਵਾ ਲਈ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਚੜ੍ਹਦੀ ਕਲਾ ਦੀ ਕਾਮਨਾ ਕੀਤੀ।
ਸਮਾਗਮ ਦੇ ਅੰਤ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਭਾਈ ਚਮਕੌਰ ਸਿੰਘ ਨੂੰ ਸਿਰੋਪਾਓ ਅਤੇ ਯਾਦਗਾਰੀ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਾਧ ਸੰਗਤ ਨੇ ਕਿਹਾ ਕਿ ਭਾਈ ਚਮਕੌਰ ਸਿੰਘ ਦੀ ਸੇਵਾ ਹਮੇਸ਼ਾ ਯਾਦ ਰਹੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









