Home » ਨਵੀਂ ਦਿੱਲੀ » ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

SHARE ARTICLE

10 Views

ਨਵੀਂ ਦਿੱਲੀ, 10 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ, ਜਿਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਇਕ ਪਾਸੇ ਸਿੱਖ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਪਰ ਸਿੱਖਾਂ ਨਾਲ ਸਬੰਧਤ ਮਾਮਲਿਆਂ ਵਿਚ ਸਰਕਾਰ ਦੀ ਪਹੁੰਚ ਉਸ ਦੇ ਦੋਹਰੇ ਚਿਹਰੇ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਫੈਸਲੇ ਵਿਚ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਕਰਨ ਦੇ ਆਦੇਸ਼ ਦਿੱਤੇ ਜਾਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News