ਇਟਲੀ 21 ਅਪ੍ਰੈਲ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੇਲੇ ਤਰਵੀਜੋ Fontanelle Treviso (ITALY) ਦੀਆਂ ਸਮੂਹ ਸੰਗਤਾਂ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਹੇਠ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਖ਼ਾਲਸਾ ਪ੍ਰਗਟ ਦਿਹਾੜੇ ਨੂੰ ਸਮਰਪਿਤ “ਫੌਨਤਾਨੈਲੇ ਇੰਡਸਟਰੀ ਏਰੀਆ” ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਸੰਤ ਜਰਨੈਲ ਸਿੰਘ ਗੁਰਮਤਿ ਗੱਤਕਾ ਸੰਗੀਤ ਅਕੈਡਮੀ Brescia ਦੇ ਸਮੂਹ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਸਮੇਂ ਦੀਵਾਨ ਵਿੱਚ ਭਾਈ ਰਘਵੀਰ ਸਿੰਘ ਪਸਿਆਨੋ ਵਾਲੇ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਦੀ ਸਾਂਝ ਪਾਈ। ਉਪਰੰਤ ਭਾਈ ਸੁਖਜਿੰਦਰ ਸਿੰਘ ਜੀ “ਨੂਰ” ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਵਿਸ਼ਾਲ ਨਗਰ ਕੀਰਤਨ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ। ਵੱਖ- ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁੱਖ ਸੇਵਾਦਾਰ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀਆਂ ਭਰੀਆਂ। ਦੀਵਾਨ ਦੀ ਸਮਾਪਤੀ ਦੌਰਾਨ ਪੰਜ ਪਿਆਰੇ ਸਾਹਿਬਾਨਾਂ ਤੇ ਨਿਸ਼ਾਨੀ ਸਿੰਘਾਂ ਨੂੰ ਸਮੂਹ ਸਾਧ ਸੰਗਤ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਦਿੱਤੀ ਗਈ। ਵੱਖ-ਵੱਖ ਲੰਗਰਾਂ ਦੇ ਸਟਾਲਾਂ ਦੀ ਸੇਵਾ ਕਰਨ ਵਾਲੇ ਤੇ ਹੋਰ ਸਮੂਹ ਸੇਵਾਦਾਰਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁੱਖ ਸੇਵਾਦਾਰ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਮੂਹ ਸਾਧ ਸੰਗਤ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ Fontanelle ਦੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਅਖੀਰ ਵਿੱਚ ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਜਾਪ ਕਰਕੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







